ਜੂਨ 1984 ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ।ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲ਼ੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।