ਦਿੱਲੀ ਹਾਈ ਕੋਰਟ 1984 ਸਿੱਖ ਕਤਲੇਆਮ ਦੌਰਾਨ ਇੱਕ ਵਿਅਕਤੀ ਦੀ ਹੱਤਿਆ ਨਾਲ ਸਬੰਧਿਤ ਮਾਮਲੇ ਵਿੱਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ 22 ਜੁਲਾਈ ਨੂੰ ਸੁਣਵਾਈ ਕਰੇਗੀ। ਜਸਟਿਸ ਸੁਰੇਸ਼ ਕੁਮਾਰ ਕੈਤ ਅਤੇ ਜਸਟਿਸ ਮਨੋਜ ਜੈਨ ਦੇ ਬੈਂਚ ਨੇ ਸੀਬੀਆਈ ਅਤੇ ਗਵਾਹਾਂ ਵਿੱਚੋਂ ਇੱਕ ਸ਼ੀਲਾ ਕੌਰ ਦੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਪਹਿਲਾਂ ਦੇ ਹੁਕਮ ਦੇ ਬਾਵਜੂਦ ਹੇਠਲੀ ਅਦਾਲਤ ਦੇ ਰਿਕਾਰਡ ਦੀ ਅਜੇ ਤੱਕ ਮੰਗ ਨਹੀਂ ਕੀਤੀ ਗਈ ਹੈ। ਬੈਂਚ ਨੇ ਰਜਿਸਟਰੀ ਨੂੰ ਨਿਰਦੇਸ਼ ਦਾ ਪਾਲਣ ਕਰਨ ਲਈ ਕਿਹਾ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ 20 ਸਤੰਬਰ, 2023 ਨੂੰ ਸੱਜਣ ਕੁਮਾਰ ਨੂੰ ‘ਸ਼ੱਕ ਦਾ ਲਾਭ’ ਦੇ ਕੇ ਮਾਮਲੇ ’ਚ ਬਰੀ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਇਸਤਗਾਸਾ ਪੱਖ ਦੋਸ਼ੀ ਵਿਅਕਤੀਆਂ ਖ਼ਿਲਾਫ਼ ‘ਵਾਜਬ ਸ਼ੱਕ ਤੋਂ ਪਰੇ ਦੋਸ਼ਾਂ ਨੂੰ ਸਾਬਤ ਕਰਨ ਵਿੱਚ ਅਸਫਲ ਰਿਹਾ।’ ਹੇਠਲੀ ਅਦਾਲਤ ਨੇ ਦੋ ਹੋਰ ਮੁਲਜ਼ਮਾਂ ਵੇਦ ਪ੍ਰਕਾਸ਼ ਪਾਇਲ ਅਤੇ ਬ੍ਰਹਮਾਨੰਦ ਗੁਪਤਾ ਨੂੰ ਵੀ ਇਹ ਕਹਿੰਦਿਆਂ ਬਰੀ ਕਰ ਦਿੱਤਾ ਸੀ ਕਿ ਇਸਤਗਾਸਾ ਪੱਖ ਉਨ੍ਹਾਂ ਖ਼ਿਲਾਫ਼ ਕਤਲ ਅਤੇ ਦੰਗਿਆਂ ਦਾ ਕੇਸ ਸਾਬਤ ਕਰਨ ਵਿੱਚ ਅਸਫਲ ਰਿਹਾ।
