ਮਲੂਕਾ, ਜਗੀਰ ਕੌਰ ਸਮੇਤ 8 ਵੱਡੇ ਲੀਡਰ ਅਕਾਲੀ ਦਲ ‘ਚੋਂ ਕੱਢੇ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਪਾਰਟੀ ਵਿਰੋਧੀ ਕਾਰਵਾਈਆਂ ਦਾ ਨੋਟਿਸ ਲੈਂਦਿਆਂ ਪਾਰਟੀ ਦੇ ਆਗੂਆਂ ਜਿਹਨਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ। ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਹਨਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਹਨਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਭੁੰਦੜ ਨੇ ਅੱਗੇ ਦੱਸਿਆ ਕਿ ਉਪਰੋਕਤ lIfrW ਤੋਂ ਇਲਾਵਾ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ। ਜਲਦੀ ਇਹਨਾਂ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ਼ ਸਥਾਨਕ ਵਰਕਰਾਂ ਅਤੇ ਆਗੂਆਂ ਦੇ ਨਾਲ ਸਲਾਹ ਮਸ਼ਵਰਾ ਕਰਕੇ ਲਗਾਏ ਜਾਣਗੇ। ਇਹਨਾ 7 ਹਲਕਿਆਂ ਵਿੱਚ ਨਕੋਦਰ, ਭੁਲੱਥ, ਘਨੌਰ, ਸਨੌਰ,ਰਾਜਪੁਰਾ, ਸਮਾਣਾ ਅਤੇ ਗੜਸ਼ੰਕਰ ਹਲਕਿਆਂ ਦੇ ਨਾਮ ਸ਼ਾਮਲ ਹਨ।

Spread the love