ਪਰਾਲੀ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਕੇਂਦਰ ਦੇ ਦਸਤੇ ਪਹੁੰਚੇ ਪੰਜਾਬ

ਪੰਜਾਬ ਵਿਚ ਇਨ੍ਹਾਂ ਦਿਨਾਂ ਵਿਚ ਝੋਨੇ ਦੀ ਵਾਢੀ ਆਖ਼ਰੀ ਪੜਾਅ ’ਤੇ ਹੈ ਅਤੇ ਕਰੀਬ 15 ਫ਼ੀਸਦੀ ਵਾਢੀ ਦਾ ਕੰਮ ਬਚਿਆ ਹੈ। ਕੇਂਦਰ ਸਰਕਾਰ ਦੇ ਉਡਣ ਦਸਤਿਆਂ ਵੱਲੋਂ ਪੰਜਾਬ ਵਿਚ ਡੇਰੇ ਲਗਾ ਕੇ ਪਰਾਲੀ ਸਾੜੇ ਜਾਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਬੀਤੇ ਦਿਨ ਕੇਂਦਰ ਸਰਕਾਰ ਦੇ ਉੱਡਣ ਦਸਤੇ ਸੂਬੇ ਦੇ 22 ਜ਼ਿਲ੍ਹਿਆਂ ਵਿਚ ਪੁੱਜ ਗਏ ਸਨ। ਇਸੇ ਤਰ੍ਹਾਂ ਹਰਿਆਣਾ ਦੇ 11 ਜ਼ਿਲ੍ਹਿਆਂ ਵਿਚ ਕੇਂਦਰੀ ਉੱਡਣ ਦਸਤੇ ਤਾਇਨਾਤ ਕੀਤੇ ਗਏ ਹਨ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਰੀਬ 33 ਵਿਗਿਆਨੀ ਪੰਜਾਬ ਅਤੇ ਹਰਿਆਣਾ ਵਿਚ ਭੇਜੇ ਗਏ ਹਨ ਜੋ ਕੇਂਦਰ ਸਰਕਾਰ ਨੂੰ ਰੋਜ਼ਾਨਾ ਪਰਾਲੀ ਸਾੜਨ ਕਾਰਨ ਹੋਣ ਵਾਲੇ ਪ੍ਰਦੂਸ਼ਣ ਦੀ ਰਿਪੋਰਟ ਭੇਜ ਰਹੇ ਹਨ।ਸੁਪਰੀਮ ਕੋਰਟ ਦੇ ਹੁਕਮਾਂ ਮਗਰੋਂ ਕੇਂਦਰੀ ਕੈਬਨਿਟ ਸਕੱਤਰ ਨੇ ਪੰਜਾਬ ਤੇ ਹਰਿਆਣਾ ’ਚ ਉਡਣ ਦਸਤੇ ਭੇਜਣ ਦਾ ਫ਼ੈਸਲਾ ਕੀਤਾ ਸੀ। ਸੁਪਰੀਮ ਕੋਰਟ ਨੇ ਉੱਤਰੀ ਭਾਰਤ ਦੇ ਸੂਬਿਆਂ ਵਿਚ ਪਰਾਲੀ ਸਾੜੇ ਜਾਣ ਦਾ ਸਖ਼ਤ ਨੋਟਿਸ ਲਿਆ ਸੀ ਅਤੇ ਇਸ ਦੇ ਮੱਦੇਨਜ਼ਰ ਕੇਂਦਰ ਨੇ ਰੋਜ਼ਾਨਾ ਦੀ ਪਹਿਰੇਦਾਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿਚ ਰੋਜ਼ਾਨਾ ਦੀ ਹਵਾ ਗੁਣਵੱਤਾ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਨਜ਼ਰਸਾਨੀ ਕੀਤੀ ਜਾਣ ਲੱਗੀ ਹੈ। ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਗਿਆਨੀਆਂ ਨਾਲ ਸਥਾਨਕ ਪੱਧਰ ’ਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

Spread the love