ਦੀਵਾਲੀ ਤੋਂ ਅਗਲੇ ਦਿਨ ਅੱਜ ਪੰਜਾਬ ਅਤੇ ਹਰਿਆਣਾ ਦੇ ਕਈ ਥਾਵਾਂ ’ਤੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) ‘ਖ਼ਰਾਬ’ ਅਤੇ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੀ ਏਕਿਊਆਈ ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੀ ਐਪ ਅਨੁਸਾਰ ਅੱਜ ਸਵੇਰੇ 9 ਵਜੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਏਕਿਊਆਈ ਸਭ ਤੋਂ ਵੱਧ 344 ਅਤੇ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ 331 ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਏਕਿਊਆਈ 303 ਰਿਹਾ। ਮੌਸਮ ਵਿਭਾਗ ਵੱਲੋਂ ਤੈਅ ਕੀਤੇ ਗਏ ਪੈਮਾਨੇ ਅਨੁਸਾਰ 201 ਤੋਂ 300 ਵਿਚਾਲੇ ਏਕਿਊਆਈ ਨੂੰ ‘ਖ਼ਰਾਬ’, 301 ਤੋਂ 400 ਨੂੰ ‘ਬਹੁਤ ਖ਼ਰਾਬ’ ਅਤੇ 401 ਤੋਂ 500 ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ। ਇਹ ਪੰਜਾਬ ਦੇ ਅੰਮ੍ਰਿਤਸਰ ਵਿੱਚ 314, ਖੰਨਾ ਵਿੱਚ 308, ਪਟਿਆਲਾ ਵਿੱਚ 260, ਜਲੰਧਰ ਵਿੱਚ 253 ਅਤੇ ਲੁਧਿਆਣਾ ਵਿੱਚ 214 ਦਰਜ ਕੀਤਾ ਗਿਆ। ਹਰਿਆਣਾ ਦੇ ਗੁਰੂਗ੍ਰਾਮ ਵਿੱਚ ਏਕਿਊਆਈ 344, ਜੀਂਦ ਵਿੱਚ 340, ਅੰਬਾਲਾ ਵਿੱਚ 308 ਅਤੇ ਕੁਰੂਕਸ਼ੇਤਰ ਵਿੱਚ 304 ਦਰਜ ਕੀਤਾ ਗਿਆ। ਦੀਵਾਲੀ ’ਤੇ ਸੀਮਤ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਸ਼ਹਿਰ ਦੇ ਕਈ ਇਲਾਕਿਆਂ ’ਚ ਲੋਕ ਰਾਤ 10 ਵਜੇ ਤੋਂ ਬਾਅਦ ਵੀ ਪਟਾਕੇ ਚਲਾਉਂਦੇ ਰਹੇ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੀ ਸ਼ਾਮ ਨੂੰ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ।