ਸ੍ਰੀ ਅਕਾਲ ਤਖ਼ਤ ਤੋਂ ਜਾਰੀ ਹੁਕਮਾਂ ਦੀ ਪਾਲਣਾ ਕਰਨ ਵਿੱਚ ਆਨਾਕਾਨੀ ਨਾ ਕਰੇ ਅਕਾਲੀ ਦਲ: ਜਥੇਦਾਰ ਰਘਬੀਰ ਸਿੰਘ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਦਿੱਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ ਵਿੱਚ ਆਨਾਕਾਨੀ ਨਾ ਕਰੇ। ਇਸ ਦੇ ਨਾਲ ਹੀ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਸ਼ਿਕਾਇਤ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਹੇਠ ਨਾ ਆਉਣ ਦਾ ਦਾਅਵਾ ਕਰਦਿਆਂ ਜਾਂਚ ਅਕਾਲ ਤਖ਼ਤ ਨੂੰ ਸੌਂਪਣ ਦੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਅੱਜ ਇੱਥੇ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਸੁਣਾਏ ਗਏ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਨੂੰ ਪੂਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਦੇ ਅਸਤੀਫਿਆਂ ਨੂੰ ਪ੍ਰਵਾਨ ਕਰਨ ਵਿੱਚ ਆਨਾਕਾਨੀ ਨਹੀਂ ਕਰਨੀ ਚਾਹੀਦੀ ਹੈ। ਸ੍ਰੀ ਅਕਾਲ ਤਖ਼ਤ ਤੋਂ ਗਿਆਨੀ ਰਘਬੀਰ ਸਿੰਘ ਸਣੇ ਪੰਜ ਸਿੰਘ ਸਾਹਿਬਾਨ ਵੱਲੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਤਨਖਾਹ ਲਗਾਈ ਗਈ ਸੀ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਕੀਤਾ ਗਿਆ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨਾਂ ਦੇ ਅੰਦਰ ਇਸ ਦੀ ਰਿਪੋਰਟ ਅਕਾਲ ਤਖ਼ਤ ਨੂੰ ਭੇਜੀ ਜਾਵੇ ਪਰ ਅਜਿਹਾ ਨਹੀਂ ਹੋਇਆ।

Spread the love