ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਅਰੋੜਾ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਦਾ ਐਲਾਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ।ਪੰਜਾਬ ਨਵਿਆਉਣਯੋਗ ਊਰਜਾ ਮੰਤਰੀ ਅਰੋੜਾ ਦੀ ਸੂਬਾ ਪਾਰਟੀ ਪ੍ਰਧਾਨ ਵਜੋਂ ਨਿਯੁਕਤੀ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਗੱਲਬਾਤ ਚੱਲ ਰਹੀ ਸੀ, ਹਾਲਾਂਕਿ ਇਸ ਦਾ ਅੰਤਿਮ ਫੈਸਲਾ ਸ਼ੁੱਕਰਵਾਰ ਨੂੰ ਦਿੱਲੀ ’ਚ ‘ਆਪ’ ਸੰਸਦੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ।ਮਾਨ ਨੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਫਰਜ਼ਾਂ ਵਿੱਚ ਰੁੱਝੇ ਹੋਣ ਦਾ ਹਵਾਲਾ ਦਿੰਦੇ ਹੋਏ ਪਾਰਟੀ ਦੇ ਸੂਬਾ ਪ੍ਰਧਾਨ ਦਾ ਅਹੁਦਾ ਛੱਡਣ ਦੀ ਇੱਛਾ ਪ੍ਰਗਟਾਈ ਸੀ। ਉਹ ਜਨਵਰੀ 2019 ਤੋਂ ਇਸ ਅਹੁਦੇ ’ਤੇ ਸਨ। ਦੋ ਵਾਰ ਵਿਧਾਇਕ ਰਹੇ ਅਮਨ ਅਰੋੜਾ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਭ ਤੋਂ ਵੱਧ ਫਰਕ ਨਾਲ ਜਿੱਤੀਆਂ ਸਨ।ਅਰੋੜਾ ਨੂੰ ਜ਼ਮੀਨੀ ਪੱਧਰ ’ਤੇ ਪਾਰਟੀ ਕਾਡਰ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।