ਬਦਲਵੀਆਂ ਫ਼ਸਲਾਂ ਦੀ ਕਾਸ਼ਤ ਲਈ ਮਿਲੇਗੀ ਪ੍ਰਤੀ ਹੈਕਟੇਅਰ 17,500 ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਚਾਉਣ, ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਨ ਅਤੇ ਉਨ੍ਹਾਂ ਨੂੰ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦਾ ਫ਼ੈਸਲਾ ਕੀਤਾ ਹੈ। ਸੂਬਾ ਸਰਕਾਰ ਨੇ ਇਸ ਮੰਤਵ ਲਈ ਵਿੱਤੀ ਵਰ੍ਹੇ 2024-25 ਵਾਸਤੇ 289.87 ਕਰੋੜ ਰੁਪਏ ਰੱਖੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀ ਵਿਭਿੰਨਤਾ ਲਈ ਖੇਤੀ ਮਹਿਕਮੇ ਨਾਲ ਵਿਚਾਰ-ਚਰਚਾ ਕਰਨ ਮਗਰੋਂ ਇਸ ਬਾਰੇ ਨਿਰਦੇਸ਼ ਦਿੱਤੇ ਹਨ। ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਤੋਂ ਮੋੜਾ ਦੇਣ ਲਈ ਅਤੇ ਹੋਰਨਾਂ ਫ਼ਸਲਾਂ ਹੇਠ ਰਕਬਾ ਵਧਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਹੁਣ ਕਿਸਾਨ ਵੱਧ ਤੋਂ ਵੱਧ ਪੰਜ ਹੈਕਟੇਅਰ ਰਕਬੇ ’ਤੇ ਇਸ ਸਕੀਮ ਦਾ ਲਾਭ ਲੈ ਸਕਣਗੇ ਅਤੇ ਪ੍ਰੋਤਸਾਹਨ ਰਾਸ਼ੀ ਸਿੱਧਾ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ ਬਰਾਬਰ ਕਿਸ਼ਤਾਂ ਵਿੱਚ ਪਾਈ ਜਾਵੇਗੀ। ਪਹਿਲੀ ਕਿਸ਼ਤ ਡਿਜੀਟਲ ਕਰੌਪ ਸਰਵੇ ਅਤੇ ਕ੍ਰਿਸ਼ੀ ਮੈਪਰ ਐਪ ਰਾਹੀਂ ਤਸਦੀਕ ਹੋਣ ਉਪਰੰਤ ਅਤੇ ਦੂਜੀ ਕਿਸ਼ਤ ਫ਼ਸਲ ਵੱਢਣ ਤੋਂ ਤੁਰੰਤ ਬਾਅਦ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਖੇਤੀ ਮੰਤਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਖੁਰਾਕ ਸੁਰੱਖਿਆ ਵਿੱਚ ਆਤਮਨਿਰਭਰ ਬਣਾਉਣ ’ਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਵਿੱਚ ਝੋਨੇ ਦੀ ਕਾਸ਼ਤ ਕਾਰਨ ਸਿੰਜਾਈ ਲਈ ਟਿਊਬਵੈੱਲਾਂ ’ਤੇ ਨਿਰਭਰਤਾ ਵਧੀ ਹੈ ਜਿਸ ਦਾ ਨਤੀਜਾ ਇਹ ਨਿਕਲਿਆ ਹੈ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਹੇਠਾਂ ਚਲਾ ਗਿਆ ਹੈ। ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੇਂ ਸਿਰਿਓਂ ਉਲੀਕੇ ਗਏ ਫ਼ਸਲੀ ਵਿਭਿੰਨਤਾ ਪ੍ਰੋਗਰਾਮ (ਸੀਡੀਪੀ) ਨੂੰ ਲਾਗੂ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਤਹਿਤ ਪਛਾਣ ਕੀਤੇ ਗਏ ਜ਼ਿਲ੍ਹਿਆਂ ਵਿੱਚ ਪਾਣੀ ਦੀ ਘਾਟ ਵਾਲੇ ਬਲਾਕਾਂ ਨੂੰ ਤਰਜੀਹ ਦਿੱਤੀ ਜਾਵੇਗੀ।

Spread the love