122 ਜਣੇ ਮਰਵਾ ਕੇ ਬਾਬਾ ਫਰਾਰ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਸਤਿਸੰਗ ਦੇ ਬਾਅਦ ਮਚੀ ਭਗਦੜ ਵਿੱਚ ਘੱਟੋ-ਘੱਟ 122 ਲੋਕਾਂ ਦੀ ਮੌਤ ਹੋ ਗਈ। ਮੰਗਲਵਾਰ ਨੂੰ ਵਾਪਰੇ ਇਸ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲੀਸ ਨੇ ਸੌ ਤੋਂ ਵੱਧ ਮੌਤਾਂ ਦੇ ਜ਼ਿੰਮੇਵਾਰ ਬਾਬਾ ਨਰਾਇਣ ਸਾਕਾਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੇਰ ਰਾਤ ਪੁਲਿਸ ਨੇ ਮੈਨਪੁਰੀ ਸਥਿਤ ਉਸਦੇ ਆਸ਼ਰਮ ਸਮੇਤ ਕਈ ਥਾਵਾਂ ਦੀ ਤਲਾਸ਼ੀ ਲਈ। ਹਾਲਾਂਕਿ, ਉਹ ਰੂਪੋਸ਼ ਹੋ ਗਿਆ ਹੈ। ਮੈਨਪੁਰੀ ਆਸ਼ਰਮ ਦੇ ਅੰਦਰ ਅਤੇ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਹੈ। ਜ਼ਿਲ੍ਹੇ ਦੇ ਸਾਰੇ ਮੁਰਦਾਘਰ ਲਾਸ਼ਾਂ ਨਾਲ ਭਰ ਗਏ ਹਨ। ਇੱਥੇ ਮ੍ਰਿਤਕ ਦੇਹ ਰੱਖਣ ਲਈ ਕੋਈ ਥਾਂ ਨਹੀਂ ਬਚੀ ਹੈ। ਰਿਕਸ਼ਾ ਅਤੇ ਟੈਂਪੋ ਵਿੱਚ ਬੋਰੀਆਂ ਵਾਂਗ ਲਿਆਂਦੀਆਂ ਜਾ ਰਹੀਆਂ ਲਾਸ਼ਾਂ ਦੀਆਂ ਤਸਵੀਰਾਂ ਹਾਦਸੇ ਦੀ ਭਿਆਨਕਤਾ ਨੂੰ ਬਿਆਨ ਕਰਦੀਆਂ ਹਨ।ਲਾਸ਼ਾਂ ਨੂੰ ਪੋਸਟਮਾਰਟਮ ਲਈ ਵੱਖ-ਵੱਖ ਥਾਵਾਂ ‘ਤੇ ਭੇਜ ਦਿੱਤਾ ਗਿਆ ਹੈ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਆਦਿ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਦੀ ਜਾਂਚ ਲਈ ਇੱਕ ਕਮੇਟੀ ਬਣਾਈ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।

Spread the love