ਪੰਜਾਬ ਵਿੱਚ ਖਰਾਬ ਮੌਸਮ ਨੇ ਕਿਸਾਨਾਂ ਦੀ ਚਿੰਤਾ ਵਧਾਈ

ਪੰਜਾਬ ਵਿੱਚ ਲੰਘੀ ਰਾਤ ਪਏ ਬੇਮੌਸਮੇ ਮੀਂਹ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾ ਦਿੱਤੇ ਹਨ। ਮੀਂਹ ਕਰਕੇ ਕਿਸਾਨਾਂ ਨੂੰ ਤਿਆਰ ਖੜ੍ਹੀ ਹਾੜ੍ਹੀ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਡਰ ਸਤਾ ਰਿਹਾ ਹੈ। ਗੌਰਤਲਬ ਹੈ ਕਿ ਪੰਜਾਬ ਵਿੱਚ ਹਾੜ੍ਹੀ ਦੀ ਫਸਲ ਪੱਕ ਕੇ ਤਿਆਰੀ ਹੋ ਚੁੱਕੀ ਹੈ ਅਤੇ ਜ਼ਿਆਦਾਤਰ ਥਾਵਾਂ ’ਤੇ ਕਣਕ ਦੀ ਫ਼ਸਲ ਦੀ ਵਾਢੀ ਵੀ ਸ਼ੁਰੂ ਹੋ ਚੁੱਕੀ ਹੈ। ਇਸ ਸਮੇਂ ਤੇਜ਼ ਹਵਾਵਾਂ ਤੇ ਕਿਣਮਿਣ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੀਂਹ ਕਰਕੇ ਅੱਧਾ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਫ਼ਸਲ ਮੰਡੀਆਂ ਤੇ ਖੇਤਾਂ ਵਿੱਚ ਭਿੱਜ ਗਈ। ਮੌਸਮ ਵਿਭਾਗ ਨੇ 15 ਅਪਰੈਲ ਨੂੰ ਪੰਜਾਬ ਭਰ ਵਿੱਚ ਹਲਕਾ ਮੀਂਹ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ ਜਦੋਂਕਿ 16, 17 ਤੇ 18 ਅਪਰੈਲ ਨੂੰ ਮੌਸਮ ਸਾਫ਼ ਰਹੇਗਾ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹਾੜ੍ਹੀ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ, ਜਿੱਥੇ ਕਿਸਾਨਾਂ ਵੱਲੋਂ ਆਪਣੀ-ਆਪਣੀ ਫ਼ਸਲ ਦੀ ਕਟਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਕੁਝ ਕਿਸਾਨਾਂ ਵੱਲੋਂ ਆਪਣੀ ਫ਼ਸਲ ਮੰਡੀਆਂ ਵਿੱਚ ਵੀ ਪਹੁੰਚਾ ਦਿੱਤੀ ਗਈ ਹੈ। ਮੀਂਹ ਕਰਕੇ ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਕਿਸਾਨਾਂ ਦੀ ਫ਼ਸਲ ਭਿੱਜ ਗਈ ਹੈ। ਇਸ ਮੀਂਹ ਨਾਲ ਹੀ ਸੂਬਾ ਸਰਕਾਰ ਵੱਲੋਂ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਦੀ ਪੋਲ ਵੀ ਖੁੱਲ੍ਹ ਗਈ ਹੈ। ਮੰਡੀਆਂ ਵਿੱਚ ਲੋੜੀਂਦੀਆਂ ਤਰਪਾਲਾਂ ਨਾ ਹੋਣ ਕਰਕੇ ਸ਼ੈੱਡਾਂ ਤੋਂ ਬਾਹਰ ਪਈ ਫ਼ਸਲ ਮੀਂਹ ਦੀ ਲਪੇਟ ਵਿੱਚ ਆ ਗਈ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਪੰਜਾਬ ਵਿੱਚ ਲੰਘੀ ਰਾਤ ਤੋਂ ਮੌਸਮ ਬਦਲਿਆ ਹੈ। ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸਭ ਤੋਂ ਵੱਧ 5.4 ਐੱਮਐੱਮ ਮੀਂਹ ਪਿਆ। ਰਾਜਧਾਨੀ ਚੰਡੀਗੜ੍ਹ ਵਿੱਚ ਇਕ ਐੱਮਐੱਮ, ਲੁਧਿਆਣਾ ਵਿੱਚ 1.4 ਐੱਮਐੱਮ, ਫਤਹਿਗੜ੍ਹ ਸਾਹਿਬ ਵਿੱਚ 1.5 ਐੱਮਐੱਮ, ਮੁਹਾਲੀ ਵਿੱਚ 1.5 ਐੱਮਐੱਮ, ਨਵਾਂ ਸ਼ਹਿਰ ਵਿੱਚ 1 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਪਠਾਨਕੋਟ, ਫਰੀਦਕੋਟ, ਗੁਰਦਾਸਪੁਰ, ਜਲੰਧਰ ਤੇ ਹੋਰਨਾਂ ਸ਼ਹਿਰਾਂ ਵਿੱਚ ਹਲਕੀ ਕਿਣਮਿਣ ਹੋਈ।

Spread the love