ਇੱਕ ਕਿਸ਼ੋਰ ਵਿੱਚ ਬਰਡ ਫਲੂ ਦੀ ਪੁਸ਼ਟੀ ਹੋਈ ਹੈ। ਕੈਨੇਡੀਅਨ ਸਿਹਤ ਵਿਭਾਗ ਵਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਨੂੰ ਡਰ ਹੈ ਕਿ ਇਹ ਬਿਮਾਰੀ ਹੋਰ ਲੋਕਾਂ ਵਿੱਚ ਫੈਲ ਸਕਦੀ ਹੈ ਅਤੇ ਇਹ ਮਹਾਂਮਾਰੀ ਦਾ ਰੂਪ ਲੈ ਸਕਦੀ ਹੈ। ਰਿਪੋਰਟ ਮੁਤਾਬਕ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ H5 ਏਵੀਅਨ ਫਲੂ ਦੇ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਸਿਹਤ ਅਧਿਕਾਰੀਆਂ ਨੇ ਵਿਸਥਾਰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਬੱਚੇ ਵਿੱਚ ਬਰਡ ਫਲੂ ਦਾ ਵਾਇਰਸ ਕਿਸੇ ਪੰਛੀ ਜਾਂ ਜਾਨਵਰ ਤੋਂ ਆਇਆ ਹੋ ਸਕਦਾ ਹੈ। ਬਰਡ ਫਲੂ ਤੋਂ ਪੀੜਤ ਬੱਚੇ ਦਾ ਇਲਾਜ ਚੱਲ ਰਿਹਾ ਹੈ। ਇਸ ਬੱਚੇ ਦੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਿਹਤ ਅਧਿਕਾਰੀ ਬੋਨੀ ਹੈਨਰੀ ਨੇ ਕਿਹਾ ਕਿ ਕੈਨੇਡਾ ਵਿੱਚ ਇਹ ਬਹੁਤ ਹੀ ਦੁਰਲੱਭ ਘਟਨਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮਨੁੱਖ ਵਿੱਚ ਬਰਡ ਫਲੂ ਆਇਆ ਹੈ। ਅਸੀਂ ਇਸ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ।