ਬੰਗਲਾਦੇਸ਼ ‘ਚ ਰਾਖਵੇਂਕਰਨ ਖਿਲਾਫ ਵੱਡਾ ਸੰਘਰਸ਼, 100 ਤੋਂ ਵੱਧ ਮੌਤਾਂ

ਸ਼ੁੱਕਰਵਾਰ ਨੂੰ ਬੰਗਲਾਦੇਸ਼ ਵਿਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। ਦੇਸ਼ ਭਰ ਵਿੱਚ ਚੱਲ ਰਹੀ ਹਿੰਸਾ ਵਿੱਚ ਹੁਣ ਤੱਕ 105 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਨਰਸਿੰਗਦੀ ਜ਼ਿਲ੍ਹੇ ਦੀ ਇੱਕ ਜੇਲ੍ਹ ਵਿੱਚ ਵੀ ਧਾਵਾ ਬੋਲ ਦਿੱਤਾ ਅਤੇ ਜੇਲ੍ਹ ਨੂੰ ਅੱਗ ਲਾਉਣ ਤੋਂ ਪਹਿਲਾਂ ਸੈਂਕੜੇ ਕੈਦੀਆਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਸਰਕਾਰ ਨੇ ਬੰਗਲਾਦੇਸ਼ ਵਿੱਚ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕਰਨ ਦਾ ਆਦੇਸ਼ ਜਾਰੀ ਕੀਤਾ। ਅਤੇ ਫ਼ੌਜਾਂ ਦੀ ਤਾਇਨਾਤੀ ਦੇ ਹੁਕਮ ਦਿੱਤੇ ਹਨ। ਇੰਟਰਨੈੱਟ ਅਤੇ ਮੋਬਾਈਲ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਦੱਸ ਦਈਏ ਕਿ ਸਰਕਾਰੀ ਨੌਕਰੀਆਂ ‘ਚ ਰਿਜ਼ਰਵੇਸ਼ਨ ਸਿਸਟਮ ‘ਚ ਸੁਧਾਰ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਸਨ। ਰਾਜਧਾਨੀ ਢਾਕਾ ਅਤੇ ਕੁਝ ਹੋਰ ਥਾਵਾਂ ‘ਤੇ ਪ੍ਰਦਰਸ਼ਨ ਕੁਝ ਹਫ਼ਤੇ ਪਹਿਲਾਂ ਸ਼ੁਰੂ ਹੋਏ ਸਨ, ਪਰ ਸੋਮਵਾਰ ਤੋਂ ਉਨ੍ਹਾਂ ਨੇ ਜ਼ੋਰ ਫੜ ਲਿਆ। ਗਵਾਹਾਂ ਦੇ ਅਨੁਸਾਰ, ਬਾਰਡਰ ਗਾਰਡ ਅਫਸਰਾਂ ਨੇ 1,000 ਤੋਂ ਵੱਧ ਪ੍ਰਦਰਸ਼ਨਕਾਰੀਆਂ ਦੀ ਭੀੜ ‘ਤੇ ਗੋਲੀਬਾਰੀ ਕੀਤੀ। ਇਹ ਪ੍ਰਦਰਸ਼ਨਕਾਰੀ ਬੰਗਲਾਦੇਸ਼ ਟੈਲੀਵਿਜ਼ਨ ਦੇ ਹੈੱਡਕੁਆਰਟਰ ਦੇ ਬਾਹਰ ਇਕੱਠੇ ਹੋਏ ਸਨ। ਉਨ੍ਹਾਂ ਨੇ ਇਕ ਦਿਨ ਪਹਿਲਾਂ ਹੀ ਇਸ ਹੈੱਡਕੁਆਰਟਰ ‘ਤੇ ਹਮਲਾ ਕਰਕੇ ਅੱਗ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਕਿਹਾ ਕਿ ਉਹ ਸ਼ੁੱਕਰਵਾਰ ਨੂੰ ਵੀ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ ਅਤੇ ਦੇਸ਼ ਭਰ ਦੀਆਂ ਮਸਜਿਦਾਂ ਨੂੰ ਅਪੀਲ ਕੀਤੀ ਕਿ ਉਹ ਉੱਥੇ ਮਾਰੇ ਗਏ ਲੋਕਾਂ ਦੇ ਜਨਾਜ਼ੇ ਦੀ ਨਮਾਜ਼ ਅਦਾ ਕਰਨ।

Spread the love