ਪੰਜਾਬ ’ਚ ਚਾਰ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਪ੍ਰਚਾਰ ਹੁਣ ਅੰਤਿਮ ਦੌਰ ਵਿਚ ਦਾਖ਼ਲ ਹੋ ਗਿਆ ਹੈ ਅਤੇ ਸਿਆਸੀ ਪਾਰਟੀਆਂ ਨੇ ਆਪੋ ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਭਲਕੇ ਸੋਮਵਾਰ ਨੂੰ ਜ਼ਿਮਨੀ ਚੋਣਾਂ ਲਈ ਪ੍ਰਚਾਰ ਬੰਦ ਹੋ ਜਾਵੇਗਾ ਅਤੇ 20 ਨਵੰਬਰ ਨੂੰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ’ਚ ਵੋਟਾਂ ਪੈਣਗੀਆਂ। ਇਨ੍ਹਾਂ ਚਾਰੋਂ ਹਲਕਿਆਂ ਦੇ 6.96 ਲੱਖ ਵੋਟਰ ਆਪਣੇ ਹੱਕ ਦੀ ਵਰਤੋਂ ਕਰਨਗੇ।ਚਾਰ ਵਿਧਾਨ ਸਭਾ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਸਿਰਫ਼ ਦੋ ਹੈ। ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਹਲਕੇ ਤੋਂ 14-14 ਉਮੀਦਵਾਰ ਮੈਦਾਨ ਵਿਚ ਹਨ ਜਦੋਂ ਕਿ ਬਰਨਾਲਾ ’ਚ 11 ਅਤੇ ਚੱਬੇਵਾਲ ’ਚ ਸਭ ਤੋਂ ਘੱਟ ਛੇ ਉਮੀਦਵਾਰ ਚੋਣ ਲੜ ਰਹੇ ਹਨ। ਭਾਜਪਾ ਨੇ ਚਾਰੋਂ ਹਲਕਿਆਂ ’ਚ ਦਲ-ਬਦਲੂਆਂ ਨੂੰ ਉਮੀਦਵਾਰ ਬਣਾਇਆ ਹੈ ਜਦੋਂ ਕਿ ‘ਆਪ’ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਦੇ ਲੜਕੇ ਇਸ਼ਾਂਕ ਕੁਮਾਰ ਨੂੰ ਚੱਬੇਵਾਲ ਤੋਂ ਟਿਕਟ ਦਿੱਤੀ ਹੈ।