ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚੰਡੀਗੜ੍ਹ ਗ੍ਰੇਨੇਡ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਦੀ ਗ੍ਰਿਫ਼ਤਾਰੀ ਨਾਲ ਇਸ ਕੇਸ ਨੂੰ ਸਫ਼ਲਤਾ-ਪੂਰਵਕ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਧਮਾਕੇ ਦੀ ਇਸ ਘਟਨਾ ਨੂੰ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਅਮਰੀਕਾ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਦੇ ਇਸ਼ਾਰੇ ‘ਤੇ ਅੰਜ਼ਾਮ ਦਿੱਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਪਾਸੀਆ ਦੇ ਰਹਿਣ ਵਾਲੇ ਰੋਹਨ ਮਸੀਹ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਦੇ ਕਬਜ਼ੇ ‘ਚੋਂ ਅਤਿ-ਆਧੁਨਿਕ 9 ਐਮ.ਐਮ. ਗਲਾਕ ਪਿਸਤੌਲ ਅਤੇ ਗੋਲੀ-ਸਿੱਕਾ ਵੀ ਬਰਾਮਦ ਕੀਤਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਬੁੱਧਵਾਰ ਸ਼ਾਮ ਚੰਡੀਗੜ੍ਹ ਦੇ ਸੈਕਟਰ-10 ‘ਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹੈਂਡ ਗ੍ਰੇਨੇਡ ਸੁੱਟਿਆ ਗਿਆ ਸੀ ਅਤੇ ਚੰਡੀਗੜ੍ਹ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਘਟਨਾ ਸਥਾਨ ਦੀ ਜਾਂਚ ਕੀਤੀ ਸੀ, ਜਿਸ ਵਿੱਚ ਖੁਲਾਸਾ ਹੋਇਆ ਕਿ ਦੋ ਵਿਅਕਤੀ ਆਟੋ-ਰਿਕਸ਼ਾ ’ਤੇ ਆਏ ਅਤੇ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ ਉਥੇ ਇੱਕ ਘਰ ਵਿੱਚ ਹੈਂਡ ਗ੍ਰੇਨੇਡ ਸੁੱਟ ਦਿੱਤਾ। ਪੁਲਿਸ ਨੇ ਦੂਜੇ ਮੁਲਜ਼ਮ ਦੀ ਵੀ ਪਛਾਣ ਕਰ ਲਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
https://x.com/DGPPunjabPolice/status/1834474326420275469