ਚੰਡੀਗੜ੍ਹ ਦੀ ਇੱਕ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੰਦੀਪ ਸਿੰਘ ਖ਼ਿਲਾਫ਼ ਇੱਕ ਜੂਨੀਅਰ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਦਰਜ ਕੀਤੇ ਕਥਿਤ ਜਿਨਸੀ ਸ਼ੋਸ਼ਣ ਦੇ ਕੇਸ ਵਿੱਚ ਦੋਸ਼ ਤੈਅ ਕੀਤੇ ਹਨ। ਸ਼ਿਕਾਇਤਕਰਤਾ ਦੇ ਵਕੀਲ ਦੀਪਾਂਸ਼ੂ ਬਾਂਸਲ ਨੇ ਦੱਸਿਆ ਕਿ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰਾਹੁਲ ਗਰਗ ਦੀ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੰਤਰੀ ਸੰਦੀਪ ਸਿੰਘ ਵੱਲੋਂ ਬਰੀ ਕਰਨ ਲਈ ਦਾਇਰ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਭਾਜਪਾ ਨੇਤਾ ਸੰਦੀਪ ਸਿੰਘ ‘ਤੇ ਆਈਪੀਸੀ ਦੀ ਧਾਰਾ 354, 354ਏ, 354ਬੀ, 506 ਅਤੇ 509 ਤਹਿਤ ਦੋਸ਼ ਤੈਅ ਕੀਤੇ ਗਏ ਹਨ।ਅਦਾਲਤ ਨੇ ਇਸ ਮਾਮਲੇ ਵਿੱਚ ਧਾਰਾ 376 (ਬਲਾਤਕਾਰ) ਜੋੜਨ ਦੀ ਸ਼ਿਕਾਇਤਕਰਤਾ ਦੀ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ। ਅਦਾਲਤ ਨੇ ਮਾਮਲੇ ਦੀ ਅਗਲੀ ਤਰੀਕ 17 ਅਗਸਤ ਤੈਅ ਕੀਤੀ ਹੈ। ਦੱਸ ਦਈਏ ਕਿ, ਇਹ ਮਾਮਲਾ ਹਰਿਆਣਾ ਦੇ ਇੱਕ ਜੂਨੀਅਰ ਐਥਲੈਟਿਕ ਕੋਚ ਵੱਲੋਂ ਸੰਦੀਪ ਸਿੰਘ ਖ਼ਿਲਾਫ਼ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨਾਲ ਸਬੰਧਤ ਹੈ। ਸਾਬਕਾ ਭਾਰਤੀ ਹਾਕੀ ਕਪਤਾਨ ਸੰਦੀਪ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਫਸਾਇਆ ਗਿਆ ਹੈ। ਔਰਤ ਦੀ ਸ਼ਿਕਾਇਤ ‘ਤੇ ਸੈਕਟਰ-26 ਥਾਣੇ ‘ਚ 31 ਦਸੰਬਰ 2022 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਉਸ ਸਮੇਂ ਸੰਦੀਪ ਸਿੰਘ ਮੰਤਰੀ ਸਨ।
