ਮੋਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਤਰਨਤਾਰਨ ‘ਚ 31 ਸਾਲ ਪੁਰਾਣੇ ਫਰਜ਼ੀ ਮੁਕਾਬਲੇ ਦੇ ਮਾਮਲੇ ‘ਚ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ ਨੂੰ 7 ਸਾਲ ਦੀ ਕੈਦ ਅਤੇ ਸੇਵਾਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਇੱਕ ਦਿਨ ਪਹਿਲਾਂ ਹੀ ਦੋਵਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।ਸੁਣਵਾਈ ਦੌਰਾਨ ਹੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਪਾਈ ਗਈ। ਇਸ ਕੇਸ ਵਿੱਚ ਨਾਮਜ਼ਦ ਤਿੰਨ ਪੁਲਿਸ ਮੁਲਾਜ਼ਮਾਂ ਅਰਜੁਨ ਸਿੰਘ, ਦਵਿੰਦਰ ਸਿੰਘ ਅਤੇ ਬਲਬੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਕੇਸ ਦੀ ਪੈਰਵੀਂ ਕਰ ਰਹੇ ਵਕੀਲ ਸਰਬਜੀਤ ਸਿੰਘ ਵੇਰਕਾ, ਪੁਸ਼ਪਿੰਦਰ ਸਿੰਘ ਨੱਤ ਅਤੇ ਜਗਜੀਤ ਸਿੰਘ ਬਾਜਵਾ ਨੇ ਦੱਸਿਆ ਕਿ 22 ਜੂਨ, 1993 ਨੂੰ ਤਰਨ ਤਾਰਨ ਪੁਲਿਸ ਨੇ ਜੰਡਾਲਾ ਰੋਡ ਤਰਨ ਤਾਰਨ ਤੋਂ ਹਿੰਦੂ ਪਰਿਵਾਰ ਨਾਲ ਸਬੰਧਤ ਚਮਨ ਲਾਲ ਅਤੇ ਉਸ ਦੇ ਤਿੰਨ ਪੁੱਤਰਾਂ ਗੁਲਸ਼ਨ ਕੁਮਾਰ, ਪ੍ਰਵੀਨ ਕੁਮਾਰ ਅਤੇ ਬੌਬੀ ਨੂੰ ਘਰੋਂ ਚੁੱਕ ਕੇ ਤਰਨ ਤਾਰਨ ਸਿਟੀ ਥਾਣਾ ਦੀ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਗਿਆ।