ਸ਼ੰਭੂ ਸਰਹੱਦ ‘ਤੇ ਤਣਾਅ ਇਕ ਵਾਰ ਫਿਰ ਵਧ ਸਕਦਾ ਹੈ ਕਿਉਂਕਿ ਸ਼ੰਭੂ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਸਾਂਝੇ ਕੀਤੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸੂਬੇ ਭਰ ਦੇ ਕਿਸਾਨ 2 ਜੂਨ ਨੂੰ ਆਪਣੇ ਟਰੈਕਟਰਾਂ ਅਤੇ ਟਰਾਲੀਆਂ ‘ਤੇ ਮੋਰਚੇ ਵਾਲੀ ਥਾਂ ਵੱਲ ਵਧਣਗੇ। ਸ੍ਰੀ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ‘ਚ ‘ਨਫ਼ਰਤ ਕੀ ਦੁਕਾਨ’ ਬੰਦ ਕਰਨ। ਭਾਜਪਾ ਅਤੇ ਆਰਐੱਸਐੱਸ ’ਤੇ ਆਮ ਚੋਣਾਂ ਜਿੱਤਣ ਲਈ ਹਿੰਦੂਆਂ ਅਤੇ ਸਿੱਖਾਂ ਤੇ ਦਲਿਤਾਂ ਅਤੇ ਉੱਚ ਵਰਗ ਵਿੱਚ ਪਾੜਾ ਪੈਦਾ ਕਰਨ ਦਾ ਦੋਸ਼ ਵੀ ਲਗਾਇਆ। ਕਿਸਾਨ ਆਗੂ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਆਗੂਆਂ ਨੂੰ ਫਸਾਉਣ ਅਤੇ ਚੋਣਾਂ ਖ਼ਤਮ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਭੇਜਣ ਦੀਆਂ ਧਮਕੀਆਂ ਦਿੱਤੀਆਂ ਹਨ। ਇਹ ਧਰਨਾ 13 ਫਰਵਰੀ ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 22 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ 22 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਵੀ ਸ਼ਾਮਲ ਹੈ।
