ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ ਵੱਲ ਰਵਾਨਾ ਹੋ ਰਹੀਆਂ ਹਨ। ਇਸ ਲਈ ਚੌਕਸੀ ਵਰਤਦਿਆਂ ਚੰਡੀਗੜ੍ਹ ਪੁਲੀਸ ਨੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕਰ ਕੇ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਹੱਦਾਂ ਨੂੰ ਸੀਲ ਕਰ ਦਿੱਤਾ ਹੈ ਅਤੇ ਸਫਰ ਕਰਨ ਵਾਲਿਆਂ ਨੂੰ ਕੁਝ ਰੂਟਾਂ ਤੋਂ ਬਚਣ ਲਈ ਇੱਕ ਸਲਾਹ ਜਾਰੀ ਕੀਤੀ ਹੈ।ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੜਕਾਂ, ਹਾਈਵੇਅ ਅਤੇ ਰੇਲਵੇ ਟਰੈਕ ਜਾਮ ਨਾ ਕਰਨ, ਕਿਉਂਕਿ ਇਸ ਨਾਲ ਆਮ ਜਨਤਾ ਨੂੰ ਮੁਸ਼ਕਲਾਂ ਪੇਸ਼ ਆਉਣਗੀਆਂ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਐੱਸਕੇਐੱਮ ਦਰਮਿਆਨ ਸੋਮਵਾਰ ਨੂੰ ਹੋਈ ਗੱਲਬਾਤ ਦੇ ਫੇਲ੍ਹ ਹੋਣ ਤੋਂ ਬਾਅਦ ਬੀਤੇ ਦਿਨ ਤੋਂ ਉਗਰਾਹਾਂ ਸਮੇਤ ਕਿਸਾਨ ਆਗੂਆਂ ਦੇ ਘਰਾਂ ’ਤੇ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
