ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਦੇ ਚੰਡੀਗੜ੍ਹ ਬੈਂਚ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਕਿ ਉਸ ਨੂੰ ਇਸ ਸਾਲ 9 ਮਈ ਨੂੰ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਉਸ ਨੂੰ ਸਵੈ-ਇੱਛਤ ਸੇਵਾਮੁਕਤੀ ਮੰਨਿਆ ਜਾਵੇ ਅਤੇ ਇਸ ਸਾਲ 10 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਸਾਰੇ ਲਾਭ ਪ੍ਰਦਾਨ ਕੀਤੇ ਜਾਣ। ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਚੁਕੇ ਪਰਮਪਾਲ ਨੇ ਐਡਵੋਕੇਟ ਜੀਐਸ ਪਟਵਾਲੀਆ ਰਾਹੀਂ ਦਾਇਰ ਅਰਜ਼ੀ ਵਿੱਚ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਦੇ ਦਬਾਅ ਹੇਠ ਅਸਤੀਫਾ ਪੱਤਰ ਸੌਂਪਿਆ ਗਿਆ ਸੀ ਕਿਉਂਕਿ ਸਰਕਾਰ ਉਸ ਨੂੰ ਬਕਾਇਆ ਸਰਟੀਫਿਕੇਟ/ਐਨਓਸੀ ਦੇਣ ਤੋਂ ਇਨਕਾਰ ਕਰ ਰਹੀ ਸੀ। ਜਦੋਂ ਕਿ ਉਹ ਪਹਿਲਾਂ ਹੀ 10 ਅਪ੍ਰੈਲ ਦੇ ਹੁਕਮਾਂ ਤਹਿਤ ਸੇਵਾ ਤੋਂ ਸਵੈ-ਇੱਛਤ ਸੇਵਾਮੁਕਤੀ ਲੈ ਚੁੱਕੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ‘ਤੇ ਤਾਇਨਾਤ ਰਹਿੰਦਿਆਂ ਉਨ੍ਹਾਂ ਨੇ ਨਿੱਜੀ ਅਤੇ ਘਰੇਲੂ ਕਾਰਨਾਂ ਕਰਕੇ ਭਾਰਤੀ ਪ੍ਰਸ਼ਾਸਨਿਕ ਸੇਵਾ ਤੋਂ ਸਵੈ-ਇੱਛਤ ਸੇਵਾਮੁਕਤੀ ਲਈ ਬੇਨਤੀ ਕੀਤੀ ਸੀ। ਜਦੋਂ ਪੰਜਾਬ ਦੇ ਪ੍ਰਸੋਨਲ ਵਿਭਾਗ ਵੱਲੋਂ ਉਸਦੀ ਅਰਜ਼ੀ ‘ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਸ ਨੇ ਗ੍ਰਹਿ ਮੰਤਰਾਲੇ ਕੋਲ ਪਹੁੰਚ ਕੀਤੀ ਅਤੇ ਸਵੈ-ਇੱਛਤ ਸੇਵਾਮੁਕਤੀ ਦੀ ਮੰਗ ਕੀਤੀ ਕਿਉਂਕਿ ਇਹ ਕੇਡਰ ਕੰਟਰੋਲਿੰਗ ਅਥਾਰਟੀ ਸੀ। ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸਵੈ-ਇੱਛਤ ਸੇਵਾਮੁਕਤੀ ਦੀ ਅਰਜ਼ੀ ਮਨਜ਼ੂਰ ਕਰ ਲਈ ਗਈ ਸੀ।