ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਮੰਨਦੀ ਹੈ ਕਿ ਉਸ ਦੇ ਪੁੱਤਰ ਦੀ ਮੌਤ ਸੁਰੱਖਿਆ ਘਟਾਉਣ ਕਾਰਨ ਹੋਈ ਹੈ ਤਾਂ ਇਸ ਦੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ੀ ਨੇੜੇ ਸੜਕ ਖੋਲ੍ਹਣ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਦੌਰਾਨ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਉਸ ਦੀ ਸੁਰੱਖਿਆ ਘੱਟ ਕੀਤੇ ਜਾਣ ਤੋਂ ਦੋ ਦਿਨ ਬਾਅਦ ਉਹ ਮਾਰਿਆ ਗਿਆ ਸੀ। ਬਲਕੌਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਆਪਣੀ ਗਲਤੀ ਮੰਨ ਲਈ ਹੈ। ਜਦੋਂ ਮੂਸੇਵਾਲੇ ਦੀ ਸੁਰੱਖਿਆ ਘਟਾਈ ਗਈ ਸੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਸਨ, ਇਸ ਲਈ ਇਹ ਉਨ੍ਹਾਂ ਦੇ ਨਿਰਦੇਸ਼ਾਂ ’ਤੇ ਕੀਤਾ ਗਿਆ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਉਸ ਦੇ ਪੁੱਤਰ ਦੀ ਸੁਰੱਖਿਆ ਘੱਟ ਕਰਨ ਬਾਰੇ ਜਾਣਕਾਰੀ ਜਾਰੀ ਕਰਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ।