ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (ਐਸਸੀ) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵੇਂ ਸਰਕਾਰਾਂ ਨੇ ਸੁਪਰੀਮ ਕੋਰਟ ਨੂੰ ਕਮੇਟੀ ਲਈ ਨਾਂਅ ਦਿੱਤੇ ਹਨ। ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਆਦੇਸ਼ ਦਿੱਤੇ ਕਿ, ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ। ਕੋਰਟ ਨੇ ਕਿਹਾ ਕਿ, ਨੈਸ਼ਨਲ ਹਾਈਵੇ ਤੇ ਕੋਈ ਪਾਰਕਿੰਗ ਨਹੀਂ ਹੈ। ਦੋਵੇਂ ਸੂਬੇ ਸਹਿਮਤੀ ਦੇ ਨਾਲ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਹਿੰਮਤ ਕਰਨ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲਾਂ, ਪਟਿਆਲਾ ਅਤੇ ਅੰਬਾਲਾ ਦੇ ਸੀਨੀਅਰ ਪੁਲਿਸ ਕਪਤਾਨ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਾਈਵੇਅ ਨੂੰ ਅੰਸ਼ਕ ਤੌਰ ‘ਤੇ ਖੋਲ੍ਹਣ ਲਈ ਰੂਪ ਰੇਖਾ ਤਿਆਰ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।