ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ’ਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ’ਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ’ਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ’ਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।