ਹਰਿਆਣਾ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੂਬੇ ਦੇ ਤਿੰਨ ਆਜ਼ਾਦ ਵਿਧਾਇਕਾਂ ਨੇ ਨਾਇਬ ਸਿੰਘ ਸੈਣੀ ਸਰਕਾਰ ਤੋਂ ਆਪਣੀ ਹਮਾਇਤ ਵਾਪਸ ਲੈਂਦਿਆਂ ਕਾਂਗਰਸ ਦੀ ਹਮਾਇਤ ਦਾ ਐਲਾਨ ਕਰ ਦਿੱਤਾ। ਇਹ ਐਲਾਨ ਵਿਧਾਨ ਸਭਾ ਹਲਕਾ ਚਰਖੀ ਦਾਦਰੀ ਤੋਂ ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ, ਪੁੰਡਰੀ ਤੋਂ ਰਣਧੀਰ ਗੋਲਣ ਅਤੇ ਨੀਲੋਖੇੜੀ ਤੋਂ ਧਰਮਪਾਲ ਗੌਂਡਰ ਨੇ ਰੋਹਤਕ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਤਿੰਨਾਂ ਆਜ਼ਾਦ ਵਿਧਾਇਕਾਂ ਦੇ ਹਮਾਇਤ ਵਾਪਸ ਲੈਣ ਦੇ ਨਾਲ ਹੀ ਹਰਿਆਣਾ ਵਿੱਚ ਭਾਜਪਾ ਸਰਕਾਰ ਆਪਣਾ ਬਹੁਮਤ ਗੁਆ ਚੁੱਕੀ ਹੈ। ਹੁਣ ਭਾਜਪਾ ਕੋਲ 88 ਵਿੱਚੋਂ 43 ਵਿਧਾਇਕ ਹੀ ਬਚੇ ਹਨ।
ਹਰਿਆਣਾ ਵਿੱਚ ਭਾਜਪਾ ਕੋਲ 88 ਵਿੱਚੋਂ 43 ਵਿਧਾਇਕਾਂ ਦੀ ਹਮਾਇਤ ਹੋਣ ਦੇ ਬਾਵਜੂਦ ਕੋਈ ਖਤਰਾ ਨਹੀਂ ਹੈ ਕਿਉਂਕਿ ਨਾਇਬ ਸਿੰਘ ਸੈਣੀ ਦੇ ਮਾਰਚ ਮਹੀਨੇ ਵਿੱਚ ਮੁੱਖ ਮੰਤਰੀ ਬਣਦੇ ਹੀ ਵਿਰੋਧੀ ਧਿਰ ਵੱਲੋਂ ਵਿਧਾਨ ਸਭਾ ਵਿੱਚ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਸੂਬਾ ਸਰਕਾਰ ਬਹੁਮਤ ਸਾਬਤ ਕਰਨ ਵਿੱਚ ਕਾਮਯਾਬ ਰਹੀ ਸੀ। ਨਿਯਮਾਂ ਅਨੁਸਾਰ ਹੁਣ ਦੁਬਾਰਾ ਸਤੰਬਰ ਮਹੀਨੇ ਤੋਂ ਪਹਿਲਾ ਵਿਰੋਧੀ ਧਿਰ ਬੇਭਰੋਸਗੀ ਮਤਾ ਨਹੀਂ ਲਿਆ ਸਕਦੀ ਹੈ। ਜਦੋਂ ਕਿ ਅਕਤੂਬਰ 2024 ਵਿੱਚ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ ਪੂਰਾ ਹੋ ਜਾਵੇਗਾ। ਇਸ ਲਈ ਸਤੰਬਰ ਤੱਕ ਹਰਿਆਣਾ ਵਿੱਚ ਭਾਜਪਾ ਦੀ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ।