ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਪਰ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਕਿਸੇ ਵੀ ਵਿਅਕਤੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਅਸਟੇਟ ਅਫ਼ਸਰ, ਜਲੰਧਰ ਵਿਕਾਸ ਅਥਾਰਟੀ (ਜੇਡੀਏ) ਜਲੰਧਰ, ਜੋ ਹਲਕੇ ਦੇ ਰਿਟਰਨਿੰਗ ਅਫ਼ਸਰ ਹਨ, ਕੋਲ ਜਨਤਕ ਛੁੱਟੀ ਨੂੰ ਛੱਡ ਕੇ 21 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ ਜਦ ਕਿ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ। ਡਿਪਟੀ ਕਮਿਸ਼ਰ ਨੇ ਦੱਸਿਆ ਕਿ 15 ਜੂਨ ਨੂੰ ਤੀਜਾ ਸ਼ਨਿੱਚਰਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਨਹੀਂ ਹੈ, ਇਸ ਲਈ ਉਸ ਦਿਨ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖ਼ਲ ਕੀਤੇ ਜਾ ਸਕਦੇ ਹਨ।