ਕਿਸਾਨ ਮੋਰਚੇ ਦੀ ਦਿੱਲੀ ਵਿੱਚ ਮਹਾਪੰਚਾਇਤ ਅੱਜ

ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਐਨ ਪਹਿਲਾਂ ਦਿੱਲੀ ਵਿੱਚ ਵੀਰਵਾਰ ਨੂੰ ‘ਕਿਸਾਨ ਮਜ਼ਦੂਰ ਮਹਾਪੰਚਾਇਤ’ ਕਰ ਕੇ ਲੋਕ ਤਾਕਤ ਦਿਖਾਈ ਜਾਵੇਗੀ। ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਕਰਾਉਣ ਮਗਰੋਂ ਇਹ ਦੂਜੀ ਵਾਰ ਹੈ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਵਿੱਚ ਜੁੜ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੂੰ ਪੰਜਾਬ ਤੇ ਹਰਿਆਣਾ ਤੋਂ ਇਲਾਵਾ ਪੱਛਮੀ ਉੱਤਰ ਪ੍ਰਦੇਸ਼ ’ਚੋਂ ਵੱਡਾ ਹੁੰਗਾਰਾ ਮਿਲਣ ਦੀ ਆਸ ਹੈ।ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਜਿਸ ਨੇ ਪਹਿਲਾਂ ‘ਦਿੱਲੀ ਅੰਦੋਲਨ’ ਜ਼ਾਬਤੇ ਵਿੱਚ ਰਹਿ ਕੇ ਸਫਲਤਾ ਨਾਲ ਜਿੱੱਤਿਆ ਸੀ, ਉਸ ਲਈ ਭਲਕ ਦੀ ਮਹਾਪੰਚਾਇਤ ਵੀ ਪ੍ਰੀਖਿਆ ਤੋਂ ਘੱਟ ਨਹੀਂ ਹੋਵੇਗੀ। ਐੱਸਕੇਐੱਮ ਮਹਾਪੰਚਾਇਤ ਵਿੱਚ ਕਿੰਨਾ ਕੁ ਇਕੱਠ ਜੁਟਾ ਪਾਉਂਦਾ ਹੈ, ਇਸ ’ਤੇ ਸਰਕਾਰ ਦੀ ਨਜ਼ਰ ਰਹੇਗੀ। ਸੰਯੁਕਤ ਕਿਸਾਨ ਮੋਰਚਾ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਵੱਡੀ ਗਿਣਤੀ ਕਿਸਾਨ ਤੇ ਮਜ਼ਦੂਰ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਜਾਣਗੇ ਅਤੇ ਅੱਜ ਦੁਪਹਿਰ ਵੇਲੇ ਹੀ ਕਿਸਾਨਾਂ ਤੇ ਮਜ਼ਦੂਰਾਂ ਨੇ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ ਸਨ। ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਸਰਕਾਰੀ ਟਰਾਂਸਪੋਰਟ ਰਾਹੀਂ ਕਿਸਾਨ ਦਿੱਲੀ ਪੁੱਜਣਗੇ ਅਤੇ ਮਹਾਪੰਚਾਇਤ ਵਿੱਚ ਲੱਖਾਂ ਦੀ ਗਿਣਤੀ ਵਿੱਚ ਲੋਕ ਜੁੜਨਗੇ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨੇ ਵੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ।

Spread the love