ਪੰਜਾਬ ਵਿੱਚ ਲੰਮੇ ਸਮੇਂ ਤੋਂ ਵਾਤਾਵਰਨ ਦੀ ਸੰਭਾਲ ਲਈ ਕੰਮ ਕਰ ਰਹੀਆਂ ਸੰਸਥਾਵਾਂ ਨਰੋਆ ਪੰਜਾਬ ਮੰਚ, ਪਬਲਿਕ ਐਕਸ਼ਨ ਕਮੇਟੀ ਮੱਤੇਵਾੜਾ, ਪੰਜਾਬ ਵਾਤਾਵਰਨ ਚੇਤਨਾ ਲਹਿਰ ਤੇ ਹੋਰਨਾਂ ਜਥੇਬੰਦੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਪੰਜਾਬ ਦੇ ਪਾਣੀਆਂ ਅਤੇ ਬੁੱਢਾ ਦਰਿਆ ਦਾ ਪਾਣੀ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਤੋਂ ਮਨਪ੍ਰੀਤ ਇਆਲੀ, ਕਾਂਗਰਸ ਦੇ ਸਾਬਕਾ ਮੰਤਰੀ ਪਰਗਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਭਾਜਪਾ ਤੋਂ ਅਨਿਲ ਸਰੀਨ, ਬਸਪਾ ਤੋਂ ਬਲਵਿੰਦਰ ਕੁਮਾਰ, ਕਾਰਕੁਨ ਅਮਿਤੋਜ ਮਾਨ, ਲੱਖਾ ਸਿਧਾਣਾ ਸਣੇ ਵੱਡੀ ਗਿਣਤੀ ਵਿੱਚ ਵਾਤਾਵਰਨ ਪ੍ਰੇਮੀ ਮੌਜੂਦ ਸਨ। ਦੂਜੇ ਪਾਸੇ ਇਸ ਸਮਾਗਮ ਵਿਚ ‘ਆਪ’ ਵੱਲੋਂ ਕੋਈ ਵੀ ਆਗੂ ਨਹੀਂ ਪੁੱਜਿਆ। ਸੈਮੀਨਾਰ ਵਿੱਚ ਬੁੱਧੀਜੀਵੀਆਂ ਵੱਲੋਂ ਪਾਣੀ ਦੇ ਪ੍ਰਦੂਸ਼ਣ ਨੂੰ ਲੈ ਕੇ ਆਪਣੇ ਵਿਚਾਰ ਰੱਖੇ ਗਏ। ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਕੁਝ ਨਹੀਂ ਕਰ ਰਹੀ, ਜਿਸ ਨੇ ਪਹਿਲਾਂ ਵਿਧਾਨ ਸਭਾ ਵਿੱਚ ਬੁੱਢੇ ਦਰਿਆ ਦੇ ਪਾਣੀ ਦੇ ਪ੍ਰਦੂਸ਼ਿਤ ਹੋਣ ਬਾਰੇ ਵਿਚਾਰ-ਚਰਚਾ ਤੋਂ ਟਾਲਾ ਵੱਟ ਲਿਆ ਹੈ। ਅੱਜ ਜਦੋਂ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵਿਚਾਰ-ਚਰਚਾ ਲਈ ਸਾਰਿਆਂ ਨੂੰ ਸੱਦਿਆ ਗਿਆ ਤਾਂ ਵੀ ਸੂਬਾ ਸਰਕਾਰ ਦਾ ਕੋਈ ਨੁਮਾਇੰਦਾ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਵੱਲੋਂ ਜਲਦ ਹੀ ਬੁੱਢੇ ਦਰਿਆ ਦੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਨਾ ਰੋਕਿਆ ਗਿਆ ਤਾਂ ਵਾਤਾਵਰਨ ਪੱਖੀ ਲੋਕ ਅੱਗੇ ਆਉਣਗੇ ਅਤੇ ਪਾਣੀ ਅੱਗੇ ਜਾਣ ਤੋਂ ਰੋਕਣ ਲਈ ਬੰਨ੍ਹ ਲਾਉਣ ਦਾ ਕੰਮ ਕਰਨਗੇ।