ਡੇਰਾ ਰਾਧਾਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਹਰਪ੍ਰੀਤ ਸਿੰਘ ਦਰਮਿਆਨ ‘ਮੁਲਾਕਾਤ’!

ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਬਠਿੰਡਾ ‘ਚ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਰਿਹਾਇਸ਼ ’ਤੇ ਹੋਈ ਇਹ ਗ਼ੁਫ਼ਤਗੂ ਇੰਨੀ ਗੁਪਤ ਸੀ ਕਿ ਦੋਵੇਂ ਧਿਰਾਂ ਵੱਲੋਂ ਇਸ ਬਾਰੇ ਖ਼ਾਮੋਸ਼ੀ ਧਾਰਨ ਕੀਤੀ ਹੋਈ ਹੈ।ਜਾਣਕਾਰੀ ਅਨੁਸਾਰ ਡੇਰਾ ਮੁਖੀ ਦਾ ਬਠਿੰਡਾ-ਗੋਨਿਆਣਾ ਮਾਰਗ ’ਤੇ ਸਥਿਤ ਸਥਾਨਕ ਡੇਰਾ ਰਾਧਾਸੁਆਮੀ ਵਿੱਚ ਆਉਣ ਦਾ ਪ੍ਰੋਗਰਾਮ ਪਹਿਲਾਂ ਹੀ ਤੈਅ ਸੀ। ਉਨ੍ਹਾਂ ਦਾ ਹੈਲੀਕਾਪਟਰ ਇੱਥੇ ਥਰਮਲ ਕਲੋਨੀ ਵਿੱਚ ਬਣੇ ਅਸਥਾਈ ਹੈਲੀਪੈਡ ’ਤੇ ਉਤਰਿਆ ਅਤੇ ਇੱਥੋਂ ਉਹ ਕਾਰ ਰਾਹੀਂ ਜਥੇਦਾਰ ਸਾਹਿਬ ਦੀ ਰਿਹਾਇਸ਼ ’ਤੇ ਚਲੇ ਗਏ। ਪਤਾ ਲੱਗਾ ਹੈ ਕਿ ਅਕਾਲੀ ਆਗੂ ਸੁਰਜੀਤ ਸਿੰਘ ਰੱਖੜਾ ਵੀ ਇਸ ਮੌਕੇ ਉਥੇ ਪਹੁੰਚ ਗਏ। ਘਰ ਦੇ ਆਲੇ-ਦੁਆਲੇ ਭਾਰੀ ਸੁਰੱਖਿਆ ਪ੍ਰਬੰਧ ਹੋਣ ਕਰ ਕੇ ਮੀਡੀਆ ਕਰਮੀਆਂ ਨੂੰ ਘਰ ਤੋਂ ਦੂਰ ਹੀ ਰੱਖਿਆ ਗਿਆ।

Spread the love