ਬੰਦੀ ਛੋੜ ਦਿਵਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਜਾਰੀ ਸੰਦੇਸ਼ ’ਚ ਪੰਜਾਬ ਵਿੱਚ ਜਵਾਨੀ, ਕਿਸਾਨੀ ਅਤੇ ਤਜਾਰਤ ਦੇ ਭਵਿੱਖ ਨੂੰ ਧੁੰਦਲਾ ਦੱਸਦਿਆਂ ਫ਼ਿਕਰ ਜਤਾਇਆ ਹੈ। ਜਥੇਦਾਰ ਨੇ ਪੰਜਾਬ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਇਕਮੁੱਠ ਹੋਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਆਪਸੀ ਮਤਭੇਦ ਛੱਡ ਕੇ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਦੇਸ਼ ਭਰ ਵਿੱਚ ਸਿੱਖਾਂ ਨਾਲ ਹੋ ਰਹੇ ਵਿਤਕਰੇ ਅਤੇ ਸਿੱਖ ਸੰਸਥਾਵਾਂ ਵਿੱਚ ਵੱਧ ਰਹੀ ਸਰਕਾਰੀ ਦਖਲਅੰਦਾਜ਼ੀ ’ਤੇ ਵੀ ਫ਼ਿਕਰ ਜਤਾਇਆ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੇ ਮੂਲ ਨਾਲ ਜੁੜਨ ਅਤੇ ਡੂੰਘੇ ਆਤਮ ਚਿੰਤਨ ਦੀ ਲੋੜ ’ਤੇ ਜ਼ੋਰ ਦਿੱਤਾ। ਸਿੱਖ ਪੰਥ ਦੇ ਨਾਂ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਪੰਥ ਦਾ ਭਵਿੱਖ ਪੰਜਾਬ ਖਿੱਤੇ ਨਾਲ ਜੁੜਿਆ ਹੋਇਆ ਹੈ ਪਰ ਮੌਜੂਦਾ ਸਮੇਂ ਇੱਥੋਂ ਦਾ ਸਮਾਜਿਕ, ਰਾਜਨੀਤਕ ਸੱਭਿਆਚਾਰਕ ਅਤੇ ਆਰਥਿਕ ਤਾਨਾ-ਬਾਨਾ ਚਿੰਤਾਜਨਕ ਸਥਿਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਦੀ ਨੌਜਵਾਨੀ ਤਬਾਹ ਹੋ ਰਹੀ ਹੈ। ਸਿਆਸੀ ਧਿਰਾਂ ਦੀ ਗੁਰੂ ਗ੍ਰੰਥ ਤੇ ਗੁਰੂ ਪੰਥ ਪ੍ਰਤੀ ਵਫਾਦਾਰੀ ਵਿੱਚ ਕਮੀ ਆਈ ਹੈ, ਜਦੋਂਕਿ ਸਿੱਖ ਰਾਜਨੀਤੀ ਦਵੰਧ ਦਾ ਸ਼ਿਕਾਰ ਹੋ ਕੇ ਹਾਸ਼ੀਏ ’ਤੇ ਆ ਗਈ ਹੈ ਅਤੇ ਇਸ ਦੇ ਭਵਿੱਖ ’ਤੇ ਪ੍ਰਸ਼ਨ ਚਿੰਨ ਲੱਗ ਗਿਆ ਹੈ। ਇਸ ਦਵੰਧ ਕਾਰਨ ਸਿੱਖ ਸਿਧਾਂਤਾਂ, ਸੰਸਥਾਵਾਂ ਅਤੇ ਪਰੰਪਰਾਵਾਂ ਦੀ ਮੌਲਿਕਤਾ ਨੂੰ ਖੋਰਾ ਲੱਗਾ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਤੇ ਬੁਨਿਆਦੀ ਹੱਕਾਂ ਦੇ ਮੁੱਦੇ, ਜੋ ਕਦੇ ਪੰਥਕ ਸਿਆਸਤ ਦਾ ਕੇਂਦਰ ਹੁੰਦੇ ਸਨ, ਨੂੰ ਵਿਸਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜੋਕੀ ਸਥਿਤੀ ਵਿੱਚ ਸਿੱਖ ਰਾਜਨੀਤੀ ਦੀ ਸੁਰਜੀਤੀ ਦੀ ਲੋੜ ਹੈ, ਜੋ ਪੰਜਾਬ, ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਸਮਰਪਿਤ ਹੋਵੇ। ਜਥੇਦਾਰ ਨੇ 1984 ਸਿੱਖ ਕਤਲੇਆਮ ਦੀ ਗੱਲ ਕਰਦਿਆਂ ਕਿਹਾ ਕਿ 40 ਸਾਲ ਦਾ ਲੰਮਾ ਸਮਾਂ ਬੀਤਣ ਮਗਰੋਂ ਵੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲਾਂ ਦਾ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ’84 ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਵੀ ਭੇਟ ਕੀਤੀ। ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਸੰਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਇਸ ਦੌਰਾਨ ਅਕਾਲ ਤਖ਼ਤ ਤੋਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਦੇ ਮੁਖੀਆਂ ਅਤੇ ਹੋਰ ਪ੍ਰਤੀਨਿਧਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਬੰਦੀ ਛੋੜ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਸ ਵਿੱਚ ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਅਤੇ ਇਤਿਹਾਸ ਬਾਰੇ ਚਾਨਣਾ ਪਾਇਆ। ਸਮਾਗਮਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤਰਨਾ ਦਲ, ਦਮਦਮੀ ਟਕਸਾਲ ਵੱਲੋਂ ਬਾਬਾ ਸੁਖਦੇਵ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ,ਆਦਿ ਹਾਜ਼ਰ ਸਨ। ਜਥੇਦਾਰ ਨੇ ਵੱਡੀ ਗਿਣਤੀ ਸਿੱਖ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਪਰਵਾਸ ਕਰਨ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਜਿਹਾ ਪੰਜਾਬ ਵਿੱਚ ਰੁਜ਼ਗਾਰ ਦੇ ਮੌਕੇ ਘਟਣ ਅਤੇ ਚੰਗਾ ਜੀਵਨ ਜਿਉਣ ਦੀਆਂ ਸੰਭਾਵਨਾਵਾਂ ਦੀ ਬੇਯਕੀਨੀ ਕਰਕੇ ਹੋਇਆ ਹੈ। ਪੰਜਾਬ ਵਿੱਚ ਬਾਹਰੀ ਰਾਜਾਂ ਤੋਂ ਹੋ ਰਹੇ ਪਰਵਾਸ ਕਾਰਨ ਪੰਜਾਬ ਦਾ ਡੈਮੋਗ੍ਰਾਫਿਕ ਢਾਂਚਾ ਬਦਲ ਰਿਹਾ ਹੈ। ਸਿੱਖ ਬਹੁਗਿਣਤੀ ਵਾਲਾ ਸੂਬਾ ਘੱਟਗਿਣਤੀ ਬਣ ਰਿਹੈ, ਜਿਸ ਦੇ ਭਵਿੱਖੀ ਨਤੀਜੇ ਚੰਗੇ ਨਹੀਂ ਹੋਣਗੇ ਅਤੇ ਇਸ ਤੋਂ ਸੰਭਲਣ ਦੀ ਲੋੜ ਹੈ।

Spread the love