ਕਾਂਗਰਸ-ਸੋਰੋਸ ਸਬੰਧਾਂ ਅਤੇ ਅਡਾਨੀ ਦੇ ਮੁੱਦੇ ’ਤੇ ਲੋਕ ਸਭਾ ਤੇ ਰਾਜ ਸਭਾ ’ਚ ਜੰਮ ਕੇ ਹੰਗਾਮਾ ਕੀਤਾ ਗਿਆ ਜਿਸ ਕਾਰਨ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਨੇ ਅਡਾਨੀ ਮੁੱਦੇ ਨੂੰ ਲੈ ਕੇ ਸੰਸਦ ਕੰਪਲੈਕਸ ’ਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਗੂੜ੍ਹੇ ਨੀਲੇ ਰੰਗ ਦੇ ਝੋਲੇ ਫੜੇ ਹੋਏ ਸਨ, ਜਿਸ ਦੇ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਰਬਪਤੀ ਗੌਤਮ ਅਡਾਨੀ ਦੇ ਚਿੱਤਰ ਅਤੇ ਦੂਜੇ ਪਾਸੇ ‘ਮੋਦੀ-ਅਡਾਨੀ ਭਾਈ-ਭਾਈ’ ਲਿਖਿਆ ਹੋਇਆ ਸੀ।ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਮੈਂਬਰਾਂ ਨਾਲ ਮੀਟਿੰਗ ਕਰਕੇ ਸੰਸਦ ਦੇ ਮੌਜੂਦਾ ਸੈਸ਼ਨ ਦੀ ਰਣਨੀਤੀ ’ਤੇ ਵਿਚਾਰ-ਚਰਚਾ ਕੀਤੀ। ਇਸ ਦੌਰਾਨ ਪ੍ਰਿਯੰਕਾ ਗਾਂਧੀ ਨੇ ਸਾਥੀ ਸੰਸਦ ਮੈਂਬਰਾਂ ਨੂੰ ਪ੍ਰਦਰਸ਼ਨ ਕਰਨ ਲਈ ਨਵੇਂ-ਨਵੇਂ ਤਰੀਕੇ ਲੱਭਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸਰਦ ਰੁੱਤ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਸੰਸਦ ਕੰਪਲੈਕਸ ’ਚ ਅਡਾਨੀ ਮੁੱਦੇ ’ਤੇ ਵਿਰੋਧੀ ਧਿਰ ਪ੍ਰਦਰਸ਼ਨ ਕਰ ਰਹੀ ਹੈ।