ਮੋਦੀ ਸਰਕਾਰ ਨੇ ਬੁੱਧਵਾਰ ਨੂੰ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੇ ਪੈਨਲ ਦੀ ਰਿਪੋਰਟ ‘ਇਕ ਦੇਸ਼, ਇਕ ਚੋਣ’ ਨੂੰ ਮਨਜ਼ੂਰੀ ਦਿੱਤੀ ਹੈ। ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿੱਚ ਇਸ ਸਬੰਧੀ ਇੱਕ ਬਿੱਲ (ਇਕੋ ਸਮੇਂ ਚੋਣਾਂ ਕਰਵਾਉਣ ਲਈ) ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ‘ਇਕ ਦੇਸ਼, ਇਕ ਚੋਣ’ ਤਹਿਤ ਸੰਸਦੀ ਅਤੇ ਵਿਧਾਨ ਸਭਾ ਚੋਣਾਂ ਨੂੰ ਇਕੋ ਵੇਲੇ ਕਰਵਾਉਣ ਦੀ ਤਜਵੀਜ਼ ਹੈ। ਮੋਦੀ ਸਰਕਾਰ ਦੇ 100 ਦਿਨਾਂ ਦੇ ਏਜੰਡੇ ਤਹਿਤ ‘ਇਕ ਦੇਸ਼, ਇਕ ਚੋਣ’ ਦੀ ਮਨਜ਼ੂਰੀ ਦਿੱਤੀ ਗਈ ਹੈ।ਪ੍ਰਧਾਨ ਮੰਤਰੀ ਮੋਦੀ ਨੇ ਵਾਰ-ਵਾਰ ਚੋਣਾਂ ਨੂੰ ਇੱਕ ਅਨੁਸੂਚੀ ਦੇ ਤਹਿਤ ਜੋੜਨ ਦੀ ਜ਼ਰੂਰਤ ਅਤੇ ਮਹੱਤਤਾ ਨੂੰ ਉਜਾਗਰ ਕੀਤਾ ਹੈ ਅਤੇ ਇਹ ਜ਼ੋਰ ਦਿੱਤਾ ਹੈ ਕਿ ਕਿਵੇਂ ਦੇਸ਼ ਨੂੰ ਸਾਲ ਭਰ ਚੋਣਾਂ ਦੇ ਮਾਹੌਲ ਵਿੱਚ ਰਹਿਣ ਲਈ ਕੀਮਤ ਅਦਾ ਕਰਨੀ ਪੈਂਦੀ ਹੈ। ਇਸ ਸਬੰਧੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ-ਪੱਧਰੀ ਕਮੇਟੀ ਨੇ ਇਸ ਸਾਲ ਮਾਰਚ ਵਿੱਚ ਰਿਪੋਰਟ ਸੌਂਪੀ ਸੀ ਅਤੇ ਰਾਜ ਚੋਣ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕਰਕੇ ਚੋਣ ਕਮਿਸ਼ਨ (ਈਸੀਆਈ) ਨੂੰ ਸਾਂਝੀ ਵੋਟਰ ਸੂਚੀ ਅਤੇ ਵੋਟਰ ਪਛਾਣ ਪੱਤਰ ਤਿਆਰ ਕਰਨ ਦੀ ਸਿਫਾਰਸ਼ ਕੀਤੀ ਸੀ।