ਨਿਗਮ ਚੋਣਾਂ ‘ਚ ਦੇਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ

-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਫਗਵਾੜਾ ਨਗਰ ਨਿਗਮ ਚੋਣਾਂ ਸਮੇਂ ਸਿਰ ਨਾ ਕਰਵਾਉਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਨਾ ਲੈਣ ‘ਤੇ ਪੰਜਾਬ ਸਰਕਾਰ ‘ਤੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਹਾਈ ਕੋਰਟ ਨੇ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਇਕ ਹਫ਼ਤੇ ਅੰਦਰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਦੀ ਕਾਰਜਕਾਰੀ ਚੀਫ਼ ਜਸਟਿਸ ਰਿਤੂ ਬਾਹਰੀ ਤੇ ਜਸਟਿਸ ਨਿਧੀ ਗੁਪਤਾ ਦੇ ਡਵੀਜ਼ਨ ਬੈਂਚ ਨੇ ਅੰਮ੍ਰਿਤਸਰ ਵਾਸੀ ਪ੍ਰਬੋਧ ਚੰਦਰ ਬਾਲੀ ਵਲੋਂ ਦਾਇਰ ਜਨਹਿਤ ਪਟੀਸ਼ਨ ‘ਤੇ ਇਹ ਹੁਕਮ ਜਾਰੀ ਕੀਤੇ। ਪਟੀਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਜਨਵਰੀ ਵਿਚ ਇਨ੍ਹਾਂ ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਸੀ, ਇਸ ਦੇ ਬਾਵਜੂਦ ਅੱਜ ਤੱਕ ਚੋਣਾਂ ਨਹੀਂ ਕਰਵਾਈਆਂ ਗਈਆਂ। ਇਸ ਲਈ ਹਾਈਕੋਰਟ ਨੂੰ ਇਨ੍ਹਾਂ ਨਗਰ ਨਿਗਮਾਂ ਦੀਆਂ ਚੋਣਾਂ ਦਾ ਵੇਰਵਾ ਜਾਰੀ ਕਰਕੇ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਦੱਸਿਆ ਗਿਆ ਸੀ ਕਿ ਇਨ੍ਹਾਂ ਹਲਕਿਆਂ ਦੀਆਂ ਚੋਣਾਂ ਪਿਛਲੇ ਸਾਲ ਜਨਵਰੀ ਤੋਂ ਲੰਬਿਤ ਹਨ। ਪਟੀਸ਼ਨਰਾਂ ਦੇ ਵਕੀਲ ਨੇ ਕਿਹਾ ਕਿ ਇਹ ਚੋਣਾਂ ਜਨਵਰੀ, 2023 ਵਿਚ ਮਿਉਂਸਪਲ ਕਾਰਪੋਰੇਸ਼ਨਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੋਣੀਆਂ ਚਾਹੀਦੀਆਂ ਸਨ, ਕਿਉਂਕਿ ਇਹ ਲਾਜ਼ਮੀ ਹੈ। ਇਹ ਭਾਰਤ ਦੇ ਸੰਵਿਧਾਨ ਦੇ ਅਨੁਛੇਦ 249-ਯੂ ਦੇ ਨਾਲ-ਨਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਦੀ ਧਾਰਾ 7 ਦੇ ਤਹਿਤ ਕਰਨਾ ਜ਼ਰੂਰੀ ਹੈ।

Spread the love