ਪੰਜਾਬ ਦੇ 5 ਹਲਕਿਆਂ ‘ਚ ਜ਼ਿਮਨੀ ਚੋਣ ਆ ਖੜੀਆਂ ,ਹੋਵੇਗੀ ਸੱਤਾਧਾਰੀ ਧਿਰ ਦੀ ਪ੍ਰੀਖਿਆ

ਪੰਜਾਬ ਦੇ ਚਾਰ ਵਿਧਾਇਕਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਤੋਂ ਬਾਅਦ ਚਾਰ ਵਿਧਾਨ ਸਭਾ ਹਲਕੇ ਖਾਲੀ ਹੋ ਗਏ ਹਨ, ਜਦੋਂ ਕਿ ਇਕ ਵਿਧਾਨ ਸਭਾ ਹਲਕੇ ਦੇ ਵਿਧਾਇਕ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਕੁੱਲ ਪੰਜ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਹਨ ਜਿਨ੍ਹਾਂ ’ਤੇ ਜ਼ਿਮਨੀ ਚੋਣ ਹੋਣਾ ਤੈਅ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਜ਼ਿਮਨੀ ਚੋਣਾਂ ਵਿੱਚ ਵੀ ਸੱਤਾਧਾਰੀ ਧਿਰ ‘ਆਪ’ ਲਈ ਪ੍ਰੀਖਿਆ ਦੀ ਘੜੀ ਹੈ। ਰਾਜਸੀ ਪਾਰਟੀਆਂ ਨੇ ਜ਼ਿਮਨੀ ਚੋਣਾਂ ਵਿੱਚ ਸੂਬਾ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ ਖਿੱਚ ਲਈਆਂ ਹਨ। ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਹਲਕਾ ਸੰਗਰੂਰ, ਚੱਬੇਵਾਲ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ, ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਹਲਕਾ ਲੁਧਿਆਣਾ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਹਾਸਲ ਕੀਤੀ ਹੈ ਜਦੋਂ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਦੇ ਦਿੱਤਾ ਸੀ, ਜਿਸ ਨੂੰ ਵਿਧਾਨ ਸਭਾ ਸਪੀਕਰ ਨੇ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਹਲਕਾ ਬਰਨਾਲਾ, ਚੱਬੇਵਾਲ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਜਲੰਧਰ ਪੱਛਮੀ ਦੀਆਂ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣਗੀਆਂ। ਲੋਕ ਸਭਾ ਚੋਣਾਂ ਤੋਂ ਬਾਅਦ ਸਾਰੀਆਂ ਰਾਜਸੀ ਪਾਰਟੀਆਂ ਨੇ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਖਿੱਚ ਲਈਆਂ ਹਨ।

Spread the love