ਅਮਰੀਕਾ ਦੀਆਂ ਵਿਦਿਅਕ ਸੰਸਥਾਵਾਂ ਵਿਚ ਟਰੰਪ ਪ੍ਰਸ਼ਾਸਨ ਦੀ ਦਖਲਅੰਦਾਜ਼ੀ ਵਿਰੁੱਧ ਜ਼ੋਰਦਾਰ ਆਵਾਜ਼ ਉਠਾਉਂਦਿਆਂ ਯੂਨੀਵਰਸਿਟੀਆਂ, ਕਾਲਜਾਂ ਤੇ ਸਕਾਲਰ ਸੁਸਾਇਟੀਆਂ ਨੇ ਇਕ ਸਾਂਝਾ ਬਿਆਨ ਜਾਰੀ ਕੀਤਾ ਹੈ, ਜਿਸ ਵਿਚ ਟਰੰਪ ਪ੍ਰਸ਼ਾਸਨ ਵੱਲੋਂ ਉੱਚ ਸਿੱਖਿਆ ਪ੍ਰਤੀ ਅਪਣਾਏ ਰਵੱਈਏ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਇਸ ਬਿਆਨ ਉੱਪਰ 170 ਤੋਂ ਵੱਧ ਯੂਨੀਵਰਸਿਟੀਆਂ, ਕਾਲਜਾਂ ਤੇ ਸਕਾਲਰ ਸੁਸਾਇਟੀਆਂ ਦੇ ਪ੍ਰਧਾਨਾਂ ਦੇ ਦਸਤਖਤ ਹਨ। ਹਾਰਵਰਡ, ਪ੍ਰਿਸਟੋਨ, ਬਰਾਊਨ ਤੇ ਯੂਨੀਵਰਸਿਟੀ ਆਫ ਹਵਾਈ ਤੇ ਕੋਨੈਕਟੀਕਟ ਸਟੇਟ ਕਮਿਊਨਿਟੀ ਕਾਲਜ ਦੇ ਪ੍ਰਧਾਨਾਂ ਸਮੇਤ ਹੋਰ ਉੱਚ ਵਿਦਿਅਕ ਸੰਸਥਾਵਾ ਦੇ ਪ੍ਰਧਾਨਾਂ ਦੇ ਦਸਤਖਤਾਂ ਵਾਲੇ ਇਸ ਸਾਂਝੇ ਬਿਆਨ ਵਿਚ ਚਿਤਾਵਨੀ ਦਿੱਤੀ ਗਈ ਹੈ ਕਿ ਸਰਕਾਰ ਦੀ ਰਾਜਸੀ ਦਖਲਅੰਦਾਜ਼ੀ ਕਾਰਨ ਅਮਰੀਕਾ ਵਿਚ ਉੱਚ ਸਿੱਖਿਆ ਨੂੰ ਖਤਰਾ ਪੈਦਾ ਹੋ ਗਿਆ ਹੈ।
