ਪੰਜਾਬ ’ਚ ਪੰਚਾਇਤੀ ਚੋਣਾਂ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਹੋ ਸਕਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰ-ਰਸਮੀ ਤੌਰ ’ਤੇ ਕੈਬਨਿਟ ਵਜ਼ੀਰਾਂ ਨਾਲ ਸਲਾਹ-ਮਸ਼ਵਰਾ ਕਰਦਿਆਂ ਇਸ ਫ਼ੈਸਲੇ ਤੋਂ ਜਾਣੂ ਕਰਵਾਇਆ। ਸੂਬਾ ਸਰਕਾਰ ਅਗਾਮੀ ਚਾਰ ਜ਼ਿਮਨੀ ਚੋਣਾਂ ਮਗਰੋਂ ਹੀ ਪੰਚਾਇਤ ਚੋਣਾਂ ਕਰਾਉਣ ਦੇ ਰੌਂਅ ਵਿਚ ਹੈ। ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੀ ਤਿਆਰੀ ਪਹਿਲਾਂ ਹੀ ਵਿੱਢ ਦਿੱਤੀ ਹੈ। ਬੀਤੇ ਦਿਨ ਪਾਰਟੀ ਵਿਧਾਇਕਾਂ ਦੀ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਪਿੰਡਾਂ ’ਚ ਜਾਣ ਦੇ ਹੁਕਮ ਦਿੱਤੇ ਗਏ ਹਨ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਨਵੰਬਰ ਮਹੀਨੇ ’ਚ ਹੀ ਨਗਰ ਕੌਂਸਲ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਨੂੰ ਵੀ ਇਸ ਰਾਇ ਤੋਂ ਜਾਣੂ ਕਰਵਾ ਦਿੱਤਾ ਹੈ ਕਿਉਂਕਿ ਚੋਣਾਂ ਦਾ ਮਾਮਲਾ ਹਾਈ ਕੋਰਟ ਵਿੱਚ ਬਕਾਇਆ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨੇ ਨਵੰਬਰ ਮਹੀਨੇ ’ਚ ਹੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਕੰਮ ਨਿਬੇੜਨ ਲਈ ਕਿਹਾ ਹੈ। ਸੂਬਾ ਸਰਕਾਰ ਉਸ ਤੋਂ ਪਹਿਲਾਂ ਪੇਂਡੂ ਤੇ ਸ਼ਹਿਰੀ ਵਿਕਾਸ ਲਈ ਫ਼ੰਡ ਵੀ ਜਾਰੀ ਕਰੇਗੀ।