ਕੈਨੇਡਾ ਦੇ ਵਿਰੋਧੀ ਧਿਰ ਦੇ ਆਗੂ ਪਿਅਰੇ ਪੋਲੀਏਵਰ ਨੇ ਸੋਮਵਾਰ ਨੂੰ ਇੱਕ ਬਿਆਨ ਵਿਚ ਕਿਹਾ ਕਿ ਭਾਰਤੀ ਦਖ਼ਲਅੰਦਾਜ਼ੀ ਦੀਆਂ ਆਰਸੀਐਮਪੀ ਦੀਆਂ ਖ਼ਬਰਾਂ ਅਤੇ ਦੋਸ਼ ਬਹੁਤ ਹੀ ਚਿੰਤਾਜਨਕ ਹਨ ਅਤੇ ਇਹਨਾਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਮੇਤ ਕਿਸੇ ਵੀ ਦੇਸ਼ ਦਾ ਕੋਈ ਵੀ ਵਿਦੇਸ਼ੀ ਦਖ਼ਲ ਸਵੀਕਾਰਨਯੋਗ ਨਹੀਂ ਹੈ ਅਤੇ ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸਾਡੀ ਸਰਕਾਰ ਦਾ ਪਹਿਲਾ ਕੰਮ ਸਾਡੇ ਨਾਗਰਿਕਾਂ ਨੂੰ ਵਿਦੇਸ਼ੀ ਖਤਰਿਆਂ ਤੋਂ ਸੁਰੱਖਿਅਤ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਕੈਨੇਡੀਅਨ ਨਾਗਰਿਕਾਂ ਨੂੰ ਧਮਕਾਉਣ, ਕਤਲ ਕਰਨ ਜਾਂ ਕਿਸੇ ਹੋਰ ਤਰ੍ਹਾਂ ਨਾਲ ਨੁਕਸਾਨ ਪਹੁੰਚਾਉਣ ਵਾਲੇ ਹਰ ਵਿਅਕਤੀ ਵਿਰੁੱਧ ਪੂਰਾ ਅਪਰਾਧਿਕ ਮੁਕੱਦਮਾ ਚਲਾਇਆ ਜਾਵੇਗਾ।ਪੌਲੀਏਵਰ ਨੇ ਜਸਟਿਨ ਟਰੂਡੋ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪਿਛਲੇ 9 ਸਾਲਾਂ ਤੋਂ ਲਿਬਰਲ ਸਰਕਾਰ ਕੈਨੇਡੀਅਨ ਲੋਕਾਂ ਨੂੰ ਸੁਰੱਖਿਅਤ ਰੱਖਣ ਜਾਂ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ੀ ਦਖਲਅੰਦਾਜ਼ੀ ਨੂੰ ਗੰਭੀਰਤਾ ਨਾਲ ਲੈਣ ਵਿੱਚ ਅਸਫਲ ਰਹੀ ਹੈ ਅਤੇ ਏਸੇ ਕਰ ਕੇ ਹੀ ਕੈਨੇਡਾ ਇਹਨਾਂ ਸਰਗਰਮੀਆਂ ਲਈ ਇਕ ਖੇਡ ਦਾ ਮੈਦਾਨ ਬਣ ਗਿਆ ਹੈ।