ਰਾਜਸਥਾਨ ਪੁਲਿਸ ਵੱਲੋਂ ਸ੍ਰੀ ਗੰਗਾਨਗਰ ਦੇ ਗੁਰਦਵਾਰਾ ਬਾਬਾ ਦੀਪ ਸਿੰਘ ਦੇ ਪ੍ਰਧਾਨ ਤੇਜਿੰਦਰ ਪਾਲ ਸਿੰਘ ਟਿੰਮਾ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਤੇਜਿੰਦਰ ਟਿੰਮਾ ਉੱਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਵਾਰਿਸ ਪੰਜਾਬ ਦੇ ਮੁਖੀ ਸਿੱਖ ਪ੍ਰਚਾਰਕ ਅਮ੍ਰਿਤਪਾਲ ਸਿੰਘ ਦੀ ਵਡਿਆਈ ਵਾਲੀ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਹੈ ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ।ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇਜਿੰਦਰ ਪਾਲ ਸਿੰਘ ਟਿੰਮਾ ਦੀ ਹਮਾਇਤ ਵਿੱਚ ਆਏ ਹਨ ਤੇ ਉਨ੍ਹਾਂ ਨੇ ਕਥਿਤ ਦੇਸ਼ ਧ੍ਰੋਹ ਦੀ ਐੱਫ਼ਆਈਆਰ ਦਰਜ ਕਰਨ ਦੀ ਨਿਖੇਧੀ ਕੀਤੀ ਹੈ।ਤੇਜਿੰਦਰ ਪਾਲ ਸਿੰਘ ਟਿੰਮਾ ਸ੍ਰੀ ਗੰਗਾਨਗਰ ਦੇ ਗੁਰਦਵਾਰਾ ਬਾਬਾ ਦੀਪ ਸਿੰਘ ਦੇ ਪ੍ਰਧਾਨ ਹਨ।ਸ੍ਰੀ ਗੰਗਾਨਗਰ ਦੇ ਗੁਲਾਬ ਬਾਗ ਦੇ ਵਸਨੀਕ ਲਖਵਿੰਦਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਟਿੰਮਾ ਨੇ 5 ਜੁਲਾਈ ਦੀ ਦੁਪਹਿਰ ਨੂੰ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਆਪਣੇ ਦਫ਼ਤਰ ਵਿੱਚ ਬੈਠ ਕੇ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ ਸੀ।