ਬ.ਲਾਤਕਾਰ ਦਾ ਮੁਲਜ਼ਮ ਦਿੱਲੀ ਹਵਾਈ ਅੱਡੇ ’ਤੇ ਸੀਆਈਐੱਸਐੱਫ ਦੀ ਗ੍ਰਿਫ਼ਤ ’ਚੋਂ ਫ਼ਰਾਰ

ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦੇ ਕਰਮਚਾਰੀਆਂ ਦੀ ਹਿਰਾਸਤ ਵਿਚੋਂ ਬਲਾਤਕਾਰ ਦਾ ਮੁਲਜ਼ਮ ਫਰਾਰ ਹੋ ਗਿਆ। ਦਿੱਲੀ ਪੁਲੀਸ ਨੇ ਅੱਜ ਦੱਸਿਆ ਕਿ ਇਹ ਘਟਨਾ 20 ਦਸੰਬਰ ਦੀ ਹੈ। 7 ਅਪਰੈਲ 2020 ਨੂੰ ਬਲਾਤਕਾਰ ਦੇ ਮੁਲਜ਼ਮ ਅਮਨਦੀਪ ਸਿੰਘ ਵਾਸੀ ਫਤਹਿਗੜ੍ਹ ਸਾਹਿਬ, ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਇਹ ਸਰਕੂਲਰ ਲੁਧਿਆਣਾ ਦੇ ਸਿਟੀ ਖੰਨਾ ਪੁਲੀਸ ਸਟੇਸ਼ਨ ਵਿੱਚ ਧਾਰਾ 376 ਦੇ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਜਾਰੀ ਕੀਤਾ ਗਿਆ ਸੀ। ਦਿੱਲੀ ਪੁਲੀਸ ਨੇ ਕਿਹਾ ਕਿ ਅਮਨਦੀਪ ਨੂੰ ਬਹਿਰੀਨ ਤੋਂ ਆਉਣ ’ਤੇ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਗਿਆ ਸੀ। ਉਸ ਨੂੰ ਆਨ-ਡਿਊਟੀ ਸੀਆਈਐੱਸਐੱਫ ਕਰਮਚਾਰੀਆਂ ਦੁਆਰਾ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ ਉਹ ਵਾਸ਼ਰੂਮ ਗਿਆ ਤੇ ਉਥੋਂ ਫ਼ਰਾਰ ਹੋਣ ’ਚ ਕਾਮਯਾਬ ਰਿਹਾ। ਉਸ ਦੇ ਫ਼ਰਾਰ ਹੋਣ ਤੋਂ ਬਾਅਦ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਪੁਲੀਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 224 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਦੀ ਭਾਲ ਜਾਰੀ ਹੈ।

Spread the love