SGPC ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਬੰਦੀ ਸਿੰਘਾਂ ਦੀ ਰਿਹਾਈ ਮਸਲੇ ਤੇ ਰਾਹ ਵੱਖ !

SGPC ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ’ਚ 20 ਦਸੰਬਰ ਨੂੰ ਰੋਸ ਮਾਰਚ ਦੇ ਕੀਤੇ ਐਲਾਨ ਨਾਲ ਦਿੱਲੀ ਕਮੇਟੀ ਨੇ ਅਸਹਿਮਤੀ ਪ੍ਰਗਟਾਈ ਹੈ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੋਵੇਂ ਧਿਰਾਂ ਵੱਖੋ-ਵੱਖਰੀ ਰਾਏ ਰੱਖਦੀਆਂ ਹਨ। ਇੱਕ ਪਾਸੇ ਜਿੱਥੇ ਸ਼੍ਰੋਮਣੀ ਕਮੇਟੀ ਦਿੱਲੀ ’ਚ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕਰਨ ਦੀ ਤਿਆਰੀ ਵਿੱਚ ਲੱਗੀ ਹੋਈ ਹੈ ਉਥੇ ਹੀ ਦਿੱਲੀ ਕਮੇਟੀ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦਾ ਹੱਲ ਸੰਵਾਦ ਰਾਹੀਂ ਕੱਢਣ ਦੇ ਹੱਕ ਵਿੱਚ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਵੀ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ
ਕਮੇਟੀ ਵੱਲੋਂ ਉਲੀਕੇ ਗਏ ਸਿਆਸੀ ਪ੍ਰਭਾਵ ਵਾਲੇ ਇਸ ਪ੍ਰੋਗਰਾਮ ਵਿੱਚ ਉਹ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੰਵਾਦ ਅਤੇ ਰੋਸ ਪ੍ਰਦਰਸ਼ਨ ਇਕੱਠੇ ਨਹੀਂ ਚੱਲ ਸਕਦੇ। ਕਾਲਕਾ ਨੇ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਵੀ ਮੀਟਿੰਗ ’ਚ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਦਾ ਫ਼ੈਸਲਾ ਕੀਤਾ ਸੀ। ਹੁਣ ਇਸੇ ਮਾਮਲੇ ਵਿੱਚ ਰੋਸ ਪ੍ਰਦਰਸ਼ਨ ਕਰਨਾ ਕਿਵੇਂ ਜਾਇਜ਼ ਹੋ ਸਕਦਾ ਹੈ ?
ਹਰਮੀਤ ਸਿੰਘ ਕਾਲਕਾ ਉਸ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਹਨ, ਜੋ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਬਣਾਈ ਗਈ ਹੈ। ਇਹ ਕਮੇਟੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦਾ ਯਤਨ ਕਰ ਰਹੀ ਤਾਂ ਜੋ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮੁਆਫ ਕਰਵਾਇਆ ਜਾ ਸਕੇ ਅਤੇ ਇਹ ਸਜ਼ਾ ਉਮਰ ਕੈਦ ਵਿੱਚ ਤਬਦੀਲ ਹੋ ਸਕੇ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਇਸ ਰੋਸ ਮਾਰਚ ਸਬੰਧੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਆਰੰਭ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਜਥੇਬੰਦੀਆਂ ਨਾਲ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Spread the love