ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ

ਪੀਐੱਮਐੱਲ-ਐੱਨ ਆਗੂ ਸ਼ਾਹਬਾਜ਼ ਸ਼ਰੀਫ਼ (72) ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਅੱਜ ਹਲਫ਼ ਲੈ ਲਿਆ ਹੈ। ਦੇਸ਼ ਨੂੰ ਦਰਪੇਸ਼ ਆਰਥਿਕ ਅਤੇ ਸੁਰੱਖਿਆ ਚੁਣੌਤੀਆਂ ਦਰਮਿਆਨ ਉਨ੍ਹਾਂ ਲਗਾਤਾਰ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲੀ ਹੈ। ਰਾਸ਼ਟਰਪਤੀ ਆਰਿਫ਼ ਅਲਵੀ ਨੇ ‘ਐਵਾਨ-ਏ-ਸਦਰ’ ਵਿੱਚ ਹੋਏ ਸਮਾਗਮ ਦੌਰਾਨ ਸ਼ਾਹਬਾਜ਼ ਨੂੰ ਹਲਫ਼ ਦਿਵਾਇਆ। ਹਲਫ਼ਦਾਰੀ ਸਮਾਗਮ ਦੌਰਾਨ ਤਿੰਨੋਂ ਸੈਨਾਵਾਂ ਦੇ ਮੁਖੀ, ਸੀਨੀਅਰ ਅਧਿਕਾਰੀ, ਡਿਪਲੋਮੈਟ, ਉੱਘੇ ਕਾਰੋਬਾਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰਉੱਲ ਹੱਕ ਕਾਕਰ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਤੇ ਸ਼ਾਹਬਾਜ਼ ਦੇ ਭਰਾ ਨਵਾਜ਼ ਸ਼ਰੀਫ਼, ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਅਤੇ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਵੀ ਮੌਜੂਦ ਸਨ।

Spread the love