ਸ਼ਹੀਦੀ ਜੋੜ ਮੇਲ: ਵੱਡੀ ਗਿਣਤੀ ਸੰਗਤ ਗੁਰਦੁਆਰਿਆਂ ’ਚ ਹੋਈ ਨਤਮਸਤਕ

ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਅਤੇ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੇ ਅੱਜ ਦੂਜੇ ਦਿਨ ਡੇਢ ਲੱਖ ਦੇ ਕਰੀਬ ਸੰਗਤ ਨੇ ਹਾਜ਼ਰੀ ਭਰੀ। ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਸੰਗਤ ਨੇ ਗੁਰਦੁਆਰਾ ਕਤਲਗੜ੍ਹ ਸਾਹਿਬ, ਗੁਰਦੁਆਰਾ ਗੜ੍ਹੀ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਰਣਜੀਤਗੜ੍ਹ ਸਾਹਿਬ, ਗੁਰਦੁਆਰਾ ਤਾੜੀ ਸਾਹਿਬ ਅਤੇ ਸ਼ਹੀਦ ਬੁਰਜ ਭਾਈ ਜੈਤਾ ਜੀ ਵਿਖੇ ਮੱਥਾ ਟੇਕਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।ਸ਼ਹੀਦੀ ਜੋੜ ਮੇਲ ਦੌਰਾਨ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਅਤੇ ਗੜ੍ਹੀ ਚਮਕੌਰ ਦੇ ਸਮੂਹ ਸਿੰਘਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮਗਰੋਂ ਦੋਵੇਂ ਸਿੰਘ ਸਾਹਿਬਾਨ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਕਮੇਟੀ ਵੱਲੋਂ ਖੂਨਦਾਨੀਆਂ ਨੂੰ ਪ੍ਰਮਾਣ ਪੱਤਰ ਭੇਟ ਕੀਤੇ ਗਏ। ਉੱਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿੱਚ ਸਜਾਈ ਗਈ ਸਟੇਜ ਤੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕੋਈ ਵੀ ਵੱਡਾ ਅਕਾਲੀ ਆਗੂ ਜਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚਮਕੌਰ ਸਾਹਿਬ ਨਹੀਂ ਪੁੱਜੇ।

Spread the love