ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਨੇ ਆਖਿਆ ਕਿ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਮੇਲੇ ਮੌਕੇ ਜਿਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ, ਉੱਥੇ ਪੰਜਾਬ, ਪੰਜਾਬੀ, ਪੰਜਾਬੀਅਤ, ਪੰਥ, ਸਿੱਖ ਕੌਮ ਅਤੇ ਘੱਟ ਗਿਣਤੀਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ ਦਾ ਗਠਨ ਵੀ ਕੀਤਾ ਜਾਵੇਗਾ।ਸਰਬਜੀਤ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਰਣਨੀਤੀ ਅਤੇ ਕੰਮ ਕਰਨ ਦੇ ਢੰਗ ਤਰੀਕੇ ਨੂੰ ਪੰਜਾਬ ਦੇ ਵਸਨੀਕ ਪਸੰਦ ਕਰਨਗੇ।ਉਨ੍ਹਾਂ ਦਸਿਆ ਕਿ ਮਾਘੀ ਮੇਲੇ ਮੌਕੇ 14 ਜਨਵਰੀ ਨੂੰ ਹੋਣ ਵਾਲੀ ਪਾਰਟੀ ਦੀ ਕਾਨਫ਼ਰੰਸ ਵਿਚ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ, ਕਸਬਿਆਂ ਤੋਂ ਇਲਾਵਾ ਗੁਆਂਢੀ ਰਾਜਾਂ ਅਤੇ ਵਿਦੇਸ਼ਾਂ ਤੋਂ ਵੀ ਸਿੱਖ ਚਿੰਤਕ, ਪੰਥਕ ਵਿਦਵਾਨ ਅਤੇ ਪੰਥਦਰਦੀ ਭਰਵੀਂ ਸ਼ਮੂਲੀਅਤ ਕਰਨਗੇ। ਉਨ੍ਹਾਂ ਦਸਿਆ ਕਿ ਲੋਕਾਂ ਨੂੰ ਲਾਮਬੱਧ ਕਰਨ ਲਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਦੇ ਸਤਿਕਾਰਯੋਗ ਪਿਤਾ ਤਰਸੇਮ ਸਿੰਘ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਸਮੇਤ ਵੱਖ-ਵੱਖ ਟੀਮਾਂ ਵਲੋਂ ਇਸ ਤਰ੍ਹਾਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।