ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਨੂੰ ਲੈ ਕੇ ਬੀਤੇ ਦਿਨ ਪੰਜਾਬ ਪੁਲਿਸ ਨੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਸੀ ਕਿ ਪਹਿਲੀ ਇੰਟਰਵਿਊ ਸੀਆਈਏ ਖਰੜ ਵਿੱਚ ਹੋਈ ਸੀ। ਇਸ ਦਾ ਖ਼ੁਲਾਸਾ ਹੋਣ ਮਗਰੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਸਭ ਤਾਂ ਉਨ੍ਹਾਂ ਨੇ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ, ਪਰ ਪੰਜਾਬ ਦੇ ਡੀਜੀਪੀ ਅਦਾਲਤ ਵਿੱਚ ਇਹ ਇੰਟਰਵਿਊ ਪੰਜਾਬ ਤੋਂ ਬਾਹਰ ਹੋਣ ਦਾ ਦਾਅਵਾ ਕਰ ਰਹੇ ਸਨ। ਹੁਣ ਜਦੋਂ ਅਦਾਲਤ ਵਿੱਚ ਇਸ ਦਾ ਖ਼ੁਲਾਸਾ ਹੋ ਗਿਆ ਹੈ ਤਾਂ ਡੀਜੀਪੀ ਇਸ ਦਾ ਜਵਾਬ ਦੇਣ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਪੁਲੀਸ ਹਿਰਾਸਤ ਦੌਰਾਨ ਦਿੱਤੀਆਂ ਗਈਆਂ ਇੰਟਰਵਿਊਜ਼ ਨੂੰ ‘ਮੁਜਰਮਾਂ ਨੂੰ ਵਡਿਆਏ ਜਾਣ’ ਦਾ ਮਾਮਲਾ ਕਰਾਰ ਦਿੰਦਿਆਂ ਇਸ ਸਬੰਧੀ ਭਾਰੀ ਫ਼ਿਕਰਮੰਦੀ ਜਤਾਏ ਜਾਣ ਤੋਂ ਪੂਰੇ ਨੌਂ ਮਹੀਨਿਆਂ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਖ਼ੁਲਾਸਾ ਕੀਤਾ ਹੈ ਕਿ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਖਰੜ ਵਿੱਚ ਸੀਆਈਏ ਦਫ਼ਤਰ ਤੇ ਦੂਜੀ ਰਾਜਸਥਾਨ ਵਿੱਚ ਹੋਈ ਸੀ।