ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਦੌਰਾਨ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਤੋਂ ਪਹਿਲਾਂ ਅੱਜ ਕੋਰ ਕਮੇਟੀ ਭੰਗ ਕੀਤੀ ਹੈ। ਹਾਲਾਂਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਪਿਛਲੇ ਦਿਨੀਂ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਦੇ ਅਧਿਕਾਰ ਦੇ ਦਿੱਤੇ ਸਨ। ਅੱਜ ਇੱਥੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਇਕਬਾਲ ਸਿੰਘ ਝੂੰਦਾ, ਪਰਮਜੀਤ ਸਿੰਘ ਸਰਨਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਹੋਏ। ਮੀਟਿੰਗ ਮਗਰੋਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਅੱਜ ਪਾਰਟੀ ਦੀ ਮੌਜੂਦਾ ਕੋਰ ਕਮੇਟੀ ਨੂੰ ਭੰਗ ਕੀਤਾ ਗਿਆ ਹੈ। ਉਧਰ, ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਿਆਗ ਦੀ ਭਾਵਨਾ ਦਿਖਾਉਣ ਦੀ ਬਜਾਏ ਕੋਰ ਕਮੇਟੀ ਭੰਗ ਕਰ ਕੇ ਇੱਕ ਹੋਰ ਤਾਨਾਸ਼ਾਹੀ ਫੁਰਮਾਨ ਸੁਣਾ ਦਿੱਤਾ ਹੈ।

Spread the love