ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀ ਚੱਲ ਰਹੀ ਲੂ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਲੋਕ ਹਿੱਤ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਾਂਗ ਸੰਗਰੂਰ ਜ਼ਿਲ੍ਹਾ ਵੀ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਜਰੂਰੀ ਹੈ। ਉਹਨਾਂ ਕਿਹਾ ਕਿ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਾਅ ਰੱਖਣਾ ਚਾਹੀਦਾ ਹੈ।