ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨਾਲ ਸੰਬੰਧਿਤ ਪੰਜ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਇਕ ਧਰਮ ਪ੍ਰਚਾਰ ਕਮੇਟੀ ਮੈਂਬਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਜਰਨੈਲ ਸਿੰਘ ਭੁੱਲੇਵਾਲ ਰਾਠਾਂ, ਬੀਬੀ ਪਰਮਜੀਤ ਕੌਰ ਲਾਡਰਾਂ, ਨਿਰਮੈਲ ਸਿੰਘ ਜੌਹਲਾਂ ਅਤੇ ਰਾਮਪਾਲ ਸਿੰਘ ਬਹਿਣੀਵਾਲ ਨੇ ਜਥੇਦਾਰ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਪਿਛਲੇ ਸਮੇਂ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾਵਾਂ ਨਾ ਦਿਵਾਉਣ, ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦਿਵਾਉਣ ਸਮੇਤ ਹੋਰ ਮਾਮਲਿਆਂ ਲਈ ਸੁਖਬੀਰ ਸਿੰਘ ਬਾਦਲ ਹੀ ਜਿੰਮੇਵਾਰ ਹਨ, ਇਸ ਲਈ ਉਨ੍ਹਾਂ ਨੂੰ ਪ੍ਰਧਾਨਗੀ ਤੋਂ ਲਾਂਭੇ ਕੀਤਾ ਜਾਵੇ।