ਦਲਬਦਲੂ ਆਗੂਆਂ ਨੇ ਉਲਝਾਈ ਜਲੰਧਰ ਸੀਟ ਦੀ ਤਾਣੀ!

10 ਮਹੀਨੇ ਪਹਿਲਾਂ ਜਿਸ ਨੂੰ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਸੀ, ਉਹ ਹੁਣ ਬੀਜੇਪੀ ਦਾ ਉਮੀਦਵਾਰ ਬਣ ਗਿਆ ਹੈ। ਕਾਂਗਰਸ ਵਾਲਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਰਿਹਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਾਲਾ ਆਮ ਆਦਮੀ ਦੇ ਪਾਲੇ ਵਿੱਚ ਆ ਕੇ ਲੋਕਾਂ ਤੋਂ ਵੋਟਾਂ ਮੰਗ ਰਿਹਾ ਹੈ, ਇਹ ਹਾਲਾਤ ਹਨ ਜਲੰਧਰ ਦੇ। ਜਲੰਧਰ ਸੀਟ ਕਾਂਗਰਸ ਦਾ ਗੜ੍ਹ ਰਹੀ ਹੈ ਪਰ ਇਸ ਵਾਰ ਵੋਟਰ ਬਹੁਤ ਜ਼ਿਆਦਾ ਉਲਝੇ ਹੋਏ ਹਨ ਕਿਉਂਕਿ ਉਮੀਦਵਾਰ ਉਹੀ ਹਨ ਪਰ ਚੋਣ ਨਿਸ਼ਾਨ ਵੱਖਰੇ ਹੋ ਗਏ ਹਨ।ਜਲੰਧਰ ਲੋਕ ਸਭਾ ਸੀਟ ਉੱਤੇ ਕਾਂਗਰਸ ਅਤੇ ਬਸਪਾ ਦੇ ਉਮੀਦਵਾਰਾਂ ਨੂੰ ਛੱਡ ਕੇ ਬਾਕੀ ਪਾਰਟੀਆਂ ਦੇ ਉਮੀਦਵਾਰ ਦਲ ਬਦਲ ਕੇ ਚੋਣ ਮੈਦਾਨ ਵਿੱਚ ਕਿਸਮਤ ਅਜ਼ਮਾ ਰਹੇ ਹਨ।ਕਾਂਗਰਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਇਸ ਤੋਂ ਨਾਰਾਜ਼ ਹੋ ਕੇ ਜਲੰਧਰ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹੇ ਮਰਹੂਮ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਸੰਤੋਖ ਸਿੰਘ ਦਾ ਦੇਹਾਂਤ ਹੋ ਗਿਆ ਸੀ।ਇਸ ਤੋਂ ਬਾਅਦ ਜ਼ਿਮਨੀ ਚੋਣ ਵਿੱਚ ਪਾਰਟੀ ਨੇ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ, ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਉਨ੍ਹਾਂ ਨੂੰ ਹਰਾ ਦਿੱਤਾ ਸੀ।
ਆਮ ਆਦਮੀ ਪਾਰਟੀ ਨੇ ਪਵਨ ਕੁਮਾਰ ਟੀਨੂੰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਿਨ੍ਹਾਂ ਦਾ ਅਤੀਤ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਦੇ ਸਾਬਕਾ ਐੱਮ ਪੀ ਮਹਿੰਦਰ ਸਿੰਘ ਕੇ ਪੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।ਮਹਿੰਦਰ ਸਿੰਘ ਕੇ ਪੀ ਪੁਰਾਣੇ ਕਾਂਗਰਸੀ ਹਨ ਅਤੇ ਕੁਝ ਦਿਨ ਪਹਿਲਾਂ ਹੀ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

Spread the love