ਜੰਮੂ ਕਸ਼ਮੀਰ ਕੈਬਨਿਟ ਵੱਲੋਂ ਸੂਬੇ ਦੀ ਦਰਜਾ ਬਹਾਲੀ ਲਈ ਮਤਾ ਪਾਸ

ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਹੇਠ ਹੋਈ ਜੰਮੂ ਕਸ਼ਮੀਰ ਕੈਬਨਿਟ ਦੀ ਪਹਿਲੀ ਮੀਟਿੰਗ ਦੌਰਾਨ ਸੂਬੇ ਦੀ ਦਰਜਾ ਬਹਾਲੀ ਲਈ ਮਤਾ ਪਾਸ ਕਰ ਦਿੱਤਾ ਗਿਆ। ਸੂਤਰਾਂ ਨੇ ਕਿਹਾ ਕਿ ਮਤੇ ’ਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਜੰਮੂ ਕਸ਼ਮੀਰ ਦੇ ਸੂਬੇ ਦਾ ਦਰਜਾ ਫੌਰੀ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਤੇ ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਮਰ ਅਬਦੁੱਲਾ ਆਉਂਦੇ ਕੁਝ ਦਿਨਾਂ ’ਚ ਦਿੱਲੀ ਜਾ ਕੇ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪਣਗੇ।ਕੇਂਦਰ ਸਰਕਾਰ ਨੇ ਧਾਰਾ 370 ਰੱਦ ਕਰਕੇ 5 ਅਗਸਤ, 2019 ਨੂੰ ਜੰਮੂ ਕਸ਼ਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਸੀ।ਉਮਰ ਅਬਦੁੱਲਾ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ’ਚ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ, ਮੰਤਰੀ ਸਕੀਨਾ ਮਸੂਦ ਇੱਤੂ, ਜਾਵੇਦ ਅਹਿਮਦ ਰਾਣਾ, ਜਾਵੇਦ ਅਹਿਮਦ ਡਾਰ ਅਤੇ ਸਤੀਸ਼ ਸ਼ਰਮਾ ਹਾਜ਼ਰ ਸਨ। ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਤਾਰਿਕ ਹਮੀਦ ਕਾਰਾ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਜੰਮੂ ਕਸ਼ਮੀਰ ਦੇ ਸੂਬੇ ਦਾ ਦਰਜਾ ਬਹਾਲ ਨਹੀਂ ਹੁੰਦਾ, ਉਨ੍ਹਾਂ ਦੀ ਪਾਰਟੀ ਮੰਤਰੀ ਮੰਡਲ ’ਚ ਸ਼ਾਮਲ ਨਹੀਂ ਹੋਵੇਗੀ।

Spread the love