ਪੰਜਾਬ ਦੇ ਕਿਸਾਨਾਂ ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਛੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਲਈ ਗ੍ਰਹਿ ਮੰਤਰਾਲੇ ਨੂੰ ਸਿਫ਼ਾਰਸ਼ ਕੀਤੀ ਗਈ ਹੈ। ਇਸ ਸਿਫਾਰਸ਼ ਉੱਤੇ ਹੁਣ ਵਿਵਾਦ ਹੋ ਰਿਹਾ ਹੈ। ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਸ ਕਦਮ ਦੀ ਤਿੱਖੀ ਆਲੋਚਨਾ ਕੀਤੀ ਜਾ ਰਹੀ ਹੈ।ਪੰਜਾਬ ਤੇ ਹਰਿਆਣਾ ਦੀਆਂ ਕੁਝ ਕਿਸਾਨ ਜਥੇਬੰਦੀਆਂ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਹਰਿਆਣਾ ਪੁਲਿਸ ਵੱਲੋਂ ਰੋਕੇ ਜਾਣ ਮਗਰੋਂ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ ਦੀ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਇਹ ਮੁੱਦਾ ਵੀ ਚੁੱਕਿਆ।ਕੇਂਦਰੀ ਗ੍ਰਹਿ ਮੰਤਰਾਲੇ (ਐੱਮਐੱਚਏ) ਨੇ ਹਰਿਆਣਾ ਸਰਕਾਰ ਤੋਂ ਛੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਮੈਡਲ ਪ੍ਰਦਾਨ ਕਰਨ ਦੇ ਪ੍ਰਸਤਾਵ ਬਾਰੇ ਸਪੱਸ਼ਟੀਕਰਨ ਮੰਗਿਆ ਹੈ।ਕੇਂਦਰੀ ਗ੍ਰਹਿ ਵਿਭਾਗ ਨੇ 8 ਜੁਲਾਈ ਨੂੰ ਹਰਿਆਣਾ ਸਰਕਾਰ ਨੂੰ ਦੋ ਪੱਤਰ ਭੇਜੇ ਸਨ। ਇੱਕ ਪੱਤਰ ਵਿਚ ਕੇਂਦਰੀ ਗ੍ਰਹਿ ਵਿਭਾਗ ਨੇ ਹਰਿਆਣਾ ਸਰਕਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੇ ਨਾਲ ਸੂਬਾ ਪੁਲਿਸ ਦੁਆਰਾ ਕੀਤੇ ਗਏ ਸੰਯੁਕਤ ਆਪ੍ਰੇਸ਼ਨ ਬਾਰੇ ਸਹੀ ਜਾਣਕਾਰੀ ਭੇਜਣ ਲਈ ਕਿਹਾ ਹੈ।
ਅਜਿਹਾ ਇਸ ਲਈ ਕਿਉਂਕਿ ਉਹਨਾਂ ਵਲੋਂ ਭੇਜੇ ਪ੍ਰਸਤਾਵ ਵਿੱਚ ਸੀਏਪੀਐਫ ਕਰਮਚਾਰੀਆਂ ਲਈ ਕੋਈ ਸਿਫ਼ਾਰਸ਼ ਨਹੀਂ ਸੀ।ਐੱਮਐੱਚਏ ਦੇ ਪੱਤਰ ਵਿੱਚ ਕਿਹਾ ਗਿਆ ਹੈ, “ਇਹ ਧਿਆਨ ਵਿੱਚ ਆਇਆ ਹੈ ਕਿ ਰੈਪਿਡ ਐਕਸ਼ਨ ਫੋਰਸ (ਆਰਏਐਫ), ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ), ਸੀਮਾ ਸੁਰੱਖਿਆ ਬਲ (ਬੀਐਸਐਫ), ਇੰਡੋ-ਤਿੱਬਤ ਬਾਰਡਰ ਪੁਲਿਸ (ਆਈਟੀਬੀਪੀ) ਅਤੇ ਸ਼ਸਤਰ ਸੀਮਾ ਬਲ (ਐਸਐਸਬੀ) ਦੇ ਕਰਮਚਾਰੀਆਂ ਨੇ ਵੀ ਕਾਰਵਾਈ ਵਿੱਚ ਹਿੱਸਾ ਲਿਆ ਪਰ ਉਹਨਾਂ ਬਾਰੇ ਕੋਈ ਸਿਫ਼ਾਰਸ਼ ਨਹੀਂ ਕੀਤੀ ਗਈ ਹੈ।