ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਮਾਮਲੇ ਤੇ ਪੰਜਾਬ ਸਰਕਾਰ ਨੇ ਅਦਾਲਤ ‘ਚ ਕੀ ਕਿਹਾ

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ‘ਚ ਭਰਤੀ ਕਰਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਸੁਪਰੀਮ ਕੋਰਟ ਤੋਂ ਤਿੰਨ ਦਿਨਾਂ ਦਾ ਹੋਰ ਸਮਾਂ ਮੰਗਿਆ ਹੈ। ਜਿਸ ਨੂੰ ਸਰਬਉੱਚ ਅਦਾਲਤ ਨੇ ਸਵਿਕਾਰ ਕਰ ਲਿਆ।ਇਸ ਮੰਗ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਸੁਣਵਾਈ 2 ਜਨਵਰੀ ਤੱਕ ਟਾਲ ਦਿੱਤੀ ਹੈ।ਪੰਜਾਬ ਸਰਕਾਰ ਦੀ ਤਰਫੋਂ ਪੇਸ਼ ਹੋਏ ਸੂਬੇ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਧਰਨਾਕਾਰੀ ਕਿਸਾਨਾਂ ਨਾਲ ਵੱਖ-ਵੱਖ ਪੱਧਰਾਂ ‘ਤੇ ਗੱਲਬਾਤ ਚੱਲ ਰਹੀ ਹੈ ਅਤੇ ਡੱਲੇਵਾਲ ਨੂੰ ਹਸਪਤਾਲ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।28 ਦਸੰਬਰ ਨੂੰ ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਹਸਪਤਾਲ ਨਾ ਲਿਜਾਣ ‘ਤੇ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਸਨ ਅਤੇ ਮਾਮਲੇ ਦੀ ਸੁਣਵਾਈ 31 ਦਸੰਬਰ ‘ਤੇ ਪਾ ਦਿੱਤੀ ਸੀ।ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕੋਰਟ ਨੂੰ ਜਾਣਕਾਰੀ ਦਿੱਤੀ ਕਿ ਗੱਲਬਾਤ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਧਰਨੇ ਵਾਲੀ ਥਾਂ ਉੱਤੇ 7000 ਪੁਲਿਸ ਕਰਮੀਆਂ ਦੀ ਤੈਨਾਤੀ ਵੀ ਕੀਤੀ ਗਈ ਹੈ। ਲਾਇਵ ਲਾਅ ਦੀ ਰਿਪੋਰਟ ਮੁਤਾਬਕ ਅਦਾਲਤ ਤੋਂ ਹੋਰ ਸਮੇਂ ਦੀ ਮੰਗ ਕਰਦਿਆਂ ਪੰਜਾਬ ਦੇ ਏਜੀ ਨੇ ਕਿਹਾ, ”ਜਿਵੇਂ ਗੱਲਬਾਤ ਚੱਲ ਰਹੀ ਹੈ, ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਪੇਸ਼ਕਸ਼ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰਸਮੀ ਤੌਰ ਉੱਤੇ ਗੱਲਬਾਤ ਦਾ ਸੱਦਾ ਮਿਲਦਾ ਹੈ ਤਾਂ ਡੱਲੇਵਾਲ ਉਨ੍ਹਾਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਲੈ ਲਈ ਤਿਆਰ ਹਨ।”ਇਸ ਉੱਤੇ ਟਿੱਪਣੀ ਕਰਦਿਆਂ ਜਸਟਿਸ ਸੂਰਿਆ ਕਾਂਤ ਨੇ ਕਿਹਾ, ਗੱਲਬਾਤ ਬਾਰੇ ਕੀ ਚੱਲ ਰਿਹਾ ਹੈ, ਅਸੀਂ ਇਸ ਉੱਤੇ ਕੁਝ ਨਹੀਂ ਕਹਾਂਗੇ। ਜੇਕਰ ਅਜਿਹਾ ਕੁਝ ਹੋ ਰਿਹਾ ਹੈ, ਜੋ ਸਾਰੀਆਂ ਧਿਰਾਂ ਨੂੰ ਸਵਿਕਾਰ ਹੈ, ਤਾਂ ਸਾਨੂੰ ਵੀ ਖੁਸ਼ੀ ਹੋਵੇਗੀ। ਇਸ ਵੇਲੇ ਸਾਡੀ ਮਕਸਦ ਪਹਿਲੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਵਾਉਣਾ ਹੈ।ਕੇਂਦਰ ਸਰਕਾਰ ਦੀ ਤਰਫੋ ਪੇਸ਼ ਹੋਏ ਭਾਰਤ ਦੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਪੰਜਾਬ ਦੇ ਏਜੀ ਵਲੋਂ ਦਿੱਤੇ ਗਏ ਬਿਆਨ ਬਾਰੇ ਅਜੇ ਤੱਕ ਉਨ੍ਹਾਂ ਨੂੰ ਕੋਈ ਦਿਸ਼ਾ ਨਿਰਦੇਸ਼ ਨਹੀਂ ਦਿੱਤੇ ਗਏ ਹਨ।

Spread the love